ਰਾਂਚੀ, 3 ਜੁਲਾਈ
ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਅੱਜ ਦਿਨੇ ਗੱਠਜੋੜ ਦੇ ਆਗੂਆਂ ਅਤੇ ਵਿਧਾਇਕਾਂ ਨੇ ਇੱਥੇ ਚੰਪਈ ਸੋਰੇਨ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ ਹੇਮੰਤ ਸੋਰੇਨ ਨੂੰ ਸਰਬਸੰਮਤੀ ਨਾਲ ਜੇਐੱਮਐੱਮ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਫ਼ੈਸਲਾ ਕੀਤਾ। ਦੱਸਣਯੋਗ ਹੈ ਕਿ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਲਗਪਗ ਪੰਜ ਮਹੀਨਿਆਂ ਮਗਰੋਂ 28 ਜੂਨ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਹੇਮੰਤ ਨੇ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ 31 ਜਨਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। -ਪੀਟੀਆਈ