ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜੁਲਾਈ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚੋਂ ਆਪ ਤੀਜੇ ਸਥਾਨ ’ਤੇ ਰਹੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਇਸ ਖੇਤਰ ’ਚ ਸ਼ੱਕੀ ਕਿਰਦਾਰ ਵਜੋਂ ਜਾਣੇ ਜਾਂਦੇ ਹਨ। ‘ਆਪ’ ਅਤੇ ਭਾਜਪਾ ਦੇ ਦੋਵਾਂ ਉਮੀਦਵਾਰਾਂ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦੀ ਪਿੱਠ ’ਤੇ ਛੁਰਾ ਮਾਰਿਆ ਹੈ। ਹੁਣ ਇਸ ਹਲਕੇ ਦੇ ਵੋਟਰ ਇਨ੍ਹਾਂ ‘ਦਲ ਬਦਲੂਆਂ’ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ਲੋਕਤੰਤਰੀ ਢਾਂਚੇ ਨੂੰ ਸਭ ਤੋਂ ਵੱਧ ਮਹੱਤਵ ਦਿੰਦੀ ਹੈ।