ਪੱਤਰ ਪ੍ਰੇਰਕ
ਪਾਇਲ, 5 ਜੁਲਾਈ
ਥਾਣਾ ਦੋਰਾਹਾ ਦੇ ਮੁੱਖ ਅਫ਼ਸਰ ਗੁਰਪ੍ਰਤਾਪ ਸਿੰਘ ਵੱਲੋਂ ਪਿੰਡ ਬਿਲਾਸਪੁਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਸਮੇਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਾਈਬਰ ਕ੍ਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਥਾਣਾ ਮੁਖੀ ਗੁਰਪ੍ਰਤਾਪ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਪੱਖੋਂ ਕਮਜ਼ੋਰ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਇਸ ਦਾ ਇਲਾਜ ਵੀ ਸੰਭਵ ਹੈ ਜੋ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਮੁਫ਼ਤ ਕਰਵਾਇਆ ਜਾ ਰਿਹਾ ਹੈ। ਇਸ ਸਮੇਂ ਐੱਸਐੱਚਓ ਨੇ ਨਵੇਂ ਬਣੇ ਕਾਨੂੰਨਾਂ ਸਬੰਧੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸਰਪੰਚ ਜਗਤਾਰ ਸਿੰਘ ,ਪੰਚ ਹਰਜਿੰਦਰ ਸਿੰਘ, ਬੂਟਾ ਸਿੰਘ ਪੰਚ, ਰਣਜੀਤ ਸਿੰਘ ,ਗੁਰਪਾਲ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਜਸਵੰਤ ਸਿੰਘ ਲੱਧੜ ਆਦਿ ਹਾਜ਼ਰ ਸਨ।