ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 6 ਜੁਲਾਈ
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਸੰਸਥਾ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਨਅਤਕਾਰਾਂ ਵੱਲੋਂ ਸਨਅਤ ਖੇਤਰ ਦੀ ਮਾੜੀ ਹਾਲਤ ਅਤੇ ਉੱਥੇ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦਾ ਮੁੱਦਾ ਚੁੱਕਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ ਨੇ ਕਿਹਾ ਕਿ ਸਨਅਤੀ ਖੇਤਰ ਦੀਆਂ ਸੜਕਾਂ ਅਤੇ ਸਟਰੀਟ ਲਾਈਟਾਂ ਦੀ ਮਾੜੀ ਹਾਲਤ ਹੈ ਅਤੇ ਸਫ਼ਾਈ ਵਿਵਸਥਾ ਵੀ ਨਾਕਸ ਹਨ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੀ ਸਮੱਸਿਆ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਵਿਧਾਇਕ ਨੇ ਸਨਅਤਕਾਰਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਮੌਕੇ ’ਤੇ ਹੀ ਨਗਰ ਨਿਗਮ ਅਤੇ ਹੋਰਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਲੋੜੀਂਦੀ ਕਾਰਵਾਈ ਦੀਆਂ ਹਿਦਾਇਤਾਂ ਦਿੱਤੀਆਂ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ, ਕੰਵਲਜੀਤ ਸਿੰਘ ਮਾਹਲ, ਸੰਸਥਾ ਦੀ ਈਐੱਸਆਈ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ, ਵੈਂਬਲੇ ਹਾਊਸ ਬਿਲਡਿੰਗ ਸੁਸਾਇਟੀ ਦੇ ਪ੍ਰਧਾਨ ਅਮਰਪਾਲ ਸਿੰਘ ਪ੍ਰਿੰਸ ਅਤੇ ਸੁਖਪ੍ਰੀਤ ਸਿੰਘ ਵੀ ਹਾਜ਼ਰ ਸਨ।