ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੁਲਾਈ
ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਵਿੱਚ ਆਉਣ ਲਈ ਜਨਤਾ ਨੂੰ ਗ਼ਲਤ ਗਾਰੰਟੀਆਂ ਦੇ ਕੇ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ ਅਤੇ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿੱਚ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਅੱਜ ਇੱਥੇ ਮੁੱਖ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਜਨਤਾ ਨੂੰ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਕੀਤਾ ਗਿਆ ਹੈ ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਗਵੰਤ ਮਾਨ ਸਰਕਾਰ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਆਪਣੀਆਂ ਅਸਫਲਤਾਵਾਂ ਦਾ ਭਾਂਡਾ ਦੂਜਿਆਂ ਸਿਰ ਤੇ ਭੰਨ ਰਹੇ ਹਨ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਮਨੀ ਚੋਣ ਵਿੱਚ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ ਤੇ ਪੰਜਾਬ ਦੀ ਜਨਤਾ ਨੂੰ ਮੁੱਖ ਮੰਤਰੀ ਨੇ ਰੱਬ ਆਸਰੇ ਛੱਡ ਦਿੱਤਾ ਹੈ ਪਰ ਇਸ ਦੇ ਬਾਵਜੂਦ ‘ਆਪ’ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਰਾਜਨੀਤਕ ਸ਼ਕਤੀ ਹੈ ਪਰ ਇਸ ਦੇ ਬਾਵਜੂਦ ਉਹ ਉਹ ਹਰ ਫਰੰਟ ’ਤੇ ਫੇਲ੍ਹ ਹੈ। ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਮਾੜੀ ਹੋ ਰਹੀ ਆਰਥਿਕਤਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਇਸ ਕਾਰਨ ਹੁਣ ਪੰਜਾਬ ਦੇ ਲੋਕ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਹਲਕੇ ਵਿੱਚ ਭਾਜਪਾ ਉਮੀਦਵਾਰ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗਾ ਅਤੇ ਸੂਬੇ ਵਿੱਚ ਭਾਜਪਾ ਵੱਲੋਂ ਸਰਕਾਰ ਬਣਾਈ ਜਾਵੇਗੀ।