ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 8 ਜੁਲਾਈ
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਨੇ ਅਧਿਆਪਕਾਂ ਦੀ ਸੀਨੀਅਰਤਾ ਸੂਚੀ ’ਤੇ ਸਵਾਲ ਚੁੱਕੇ ਹਨ। ਜਥੇਬੰਦੀ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਮੀਟਿੰਗ ਵਿੱਚ ਲੈਕਚਰਾਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।
ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਕਰੀਬ 740 ਅਸਾਮੀਆਂ ਖ਼ਾਲੀ ਹਨ, ਪਰ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਖਾਲੀ ਅਸਾਮੀਆਂ ਭਰਨ ਲਈ ਗੰਭੀਰ ਨਹੀਂ ਹੈ, ਸਗੋਂ ਆਰਜ਼ੀ ਪ੍ਰਬੰਧਾਂ ਨਾਲ ਡੰਗ ਟਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਵਿੱਚ ਵੱਡੇ ਪੱਧਰ ’ਤੇ ਤਰੁੱਟੀਆਂ ਹੋਣ ਕਾਰਨ ਅਧਿਆਪਕ ਕਾਫ਼ੀ ਸਮੇਂ ਤੋਂ ਤਰੱਕੀ ਨੂੰ ਉਡੀਕ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਣਬੀਰ ਸਿੰਘ ਨੇ ਸੂਬਾ ਸਰਕਾਰ ਤੋਂ ਸੀਨੀਅਰਤਾ ਸੂਚੀ ਵਿਚਲੀਆਂ ਤਰੁੱਟੀਆਂ ਜਲਦੀ ਸੋਧਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਸਹਿਮਤੀ ਤੋਂ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਤਾਇਨਾਤੀ ਤੋਂ ਪਹਿਲਾਂ ਲੈਕਚਰਾਰਾਂ ਨੂੰ ਭਰੋਸੇ ਵਿੱਚ ਲਿਆ ਜਾਵੇ।
ਅਦਾਲਤ ਵਿੱਚ ਕੇਸ ਪੈਂਡਿੰਗ ਹੋਣ ਕਾਰਨ ਪ੍ਰਿੰਸੀਪਲਾਂ ਦੀ ਭਰਤੀ ਦਾ ਕੰਮ ਰੁਕਿਆ: ਸਿੱਖਿਆ ਵਿਭਾਗ
ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਚਾਰਚਿਲ ਕੁਮਾਰ ਨੇ ਕਿਹਾ ਕਿ ਹਾਈ ਕੋਰਟ ਵਿੱਚ ਕੇਸ ਪੈਂਡਿੰਗ ਹੋਣ ਕਾਰਨ ਪ੍ਰਿੰਸੀਪਲਾਂ ਦੀਆਂ ਭਰਤੀ ਦਾ ਕੰਮ ਰੁਕਿਆ ਹੋਇਆ ਹੈ। ਫ਼ੈਸਲਾ ਆਉਣ ਤੋਂ ਬਾਅਦ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸੀਨੀਅਰਤਾ ਸੂਚੀ ਵਿੱਚ ਤਰੁੱਟੀਆਂ ਬਾਰੇ ਪੁੱਛੇ ਜਾਣ ’ਤੇ ਅਧਿਕਾਰੀ ਨੇ ਕਿਹਾ ਕਿ ਚਾਰ ਪਹਿਲਾਂ ਹੀ ਸੀਨੀਅਰਤਾ ਸੂਚੀ ਬਣ ਗਈ ਸੀ, ਉਦੋਂ ਇਤਰਾਜ਼ ਕਰਨਾ ਚਾਹੀਦਾ ਸੀ। ਹੁਣ ਇਹ ਮੁੱਦਾ ਚੁੱਕਣ ਦੀ ਕੋਈ ਤੁੱਕ ਨਹੀਂ ਬਣਦੀ। ਫਿਰ ਵੀ ਜੇ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਅਦਾਲਤ ਦਾ ਬੂਹਾ ਖੜਕਾ ਸਕਦਾ ਹੈ।