ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 9 ਜੁਲਾਈ
ਇੱਥੋਂ ਦੇ ਸ਼ਹੀਦ ਬਾਬਾ ਸੁੱਖਾ ਸਿੰਘ ਗੁਰਦੁਆਰਾ ਸਾਹਿਬ ਵਿੱਚ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਆਕੜ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਪੁੱਜੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਹਿਰੂ ਨੇ ਦੱਸਿਆ ਕਿ 22 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਦੇ ਇਜਲਾਸ ਵਿੱਚ ਕਿਸਾਨ ਅੰਦੋਲਨ ਦੀਆਂ ਭਖਦੀਆਂ ਮੰਗਾਂ ਉੱਤੇ ਆਵਾਜ਼ ਬੁਲੰਦ ਕਰਨ ਲਈ ਭਾਜਪਾ ਨੂੰ ਛੱਡ ਕੇ ਬਾਕੀ ਸਾਰੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਕੋਈ ਵਿਰੋਧੀ ਪਾਰਲੀਮੈਂਟ ਮੈਂਬਰਾਂ ਦਾ ਧੜਾ ਨਹੀਂ ਸੀ ਅਤੇ ਦੇਸ਼ ਵਿਆਪਕ ਚੱਲੇ ਕਿਸਾਨ ਅੰਦੋਲਨਾਂ ਕਾਰਨ ਹੁਣ 236 ਵਿਰੋਧੀ ਪਾਰਟੀਆਂ ਦੇ ਐੱਮਪੀ ਜਿੱਤੇ ਹਨ ਅਤੇ ਰਾਹੁਲ ਗਾਂਧੀ ਵਿਰੋਧੀ ਪਾਰਟੀਆਂ ਦੇ ਲੀਡਰ ਬਣੇ ਹਨ। ਇਸ ਮੌਕੇ ਸ੍ਰੀ ਬਹਿਰੂ ਦੱਸਿਆ ਕਿ ਕਿਸਾਨ ਅੰਦੋਲਨ ਦੇ ਆਗੂ ਨਵਦੀਪ ਸਿੰਘ ਜਲਵੇੜਾ ਨੂੰ ਰਿਹਾਅ ਕਰਵਾਉਣ ਲਈ 16, 17 ਅਤੇ 18 ਜੁਲਾਈ ਨੂੰ ਜ਼ਿਲ੍ਹਾ ਹੈਡਕੁਆਰਟਰ ਅੰਬਾਲਾ ਵਿਖੇ ਤਿੰਨ ਦਿਨਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਗੇ।