ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 45 ਹਜ਼ਾਰ ਏਕੜ ਰਕਬੇ ’ਚ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਸੀ ਪਰ ਜ਼ਿਲ੍ਹੇ ਵਿਚ ਹੁਣ ਤੱਕ ਲਗਪਗ 65 ਹਜ਼ਾਰ ਏਕੜ ਰਕਬੇ ’ਚ ਬਿਜਾਈ ਹੋ ਚੁੱਕੀ ਹੈ। ਬਿਜਾਈ ਕਰਨ ਉਪਰੰਤ ਸਰਕਾਰ ਵੱਲੋਂ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਲਈ ਤਿਆਰ ਕੀਤੇ ਪੋਰਟਲ ’ਤੇ ਰਕਬਾ ਰਜਿਸ਼ਟਰ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਅੰਤਿਮ 30 ਜੂਨ ਤੋਂ ਵਧਾ ਕੇ 15 ਜੁਲਾਈ ਕਰ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੁਕਤਸਰ ਸਾਹਿਬ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ’ਚ ਮੋਹਰੀ ਰਿਹਾ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ 87 ਵੈਰੀਫਿਕੇਸ਼ਨ ਅਫ਼ਸਰ ਅਤੇ 4 ਇੰਚਾਰਜ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਇਨ੍ਹਾਂ ਵੈਰੀਫਿਕੇਸ਼ਨ ਅਫਸਰਾਂ ਵੱਲੋਂ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ’ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੈਰੀਫਿਕੇਸ਼ਨ ਸਮੇਂ ਵੈਰੀਫਿਕੇਸ਼ਨ ਅਫਸਰਾਂ ਨੂੰ ਸਹਿਯੋਗ ਦੇਣ।