ਸਤਵਿੰਦਰ ਬਸਰਾ
ਲੁਧਿਆਣਾ, 10 ਜੁਲਾਈ
ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼/ਹੈਲਪਰਜ਼ ਦੇ ਸੱਦੇ ’ਤੇ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਲੁਧਿਆਣਾ ਇਕਾਈ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਹੇਠ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਦੀ ਪੁਲੀਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਅਖੀਰ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕੇਂਦਰੀ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ।
ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਆਗੂਆਂ ਦਾ ਕਹਿਣਾ ਸੀ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਸੁਣੀਆਂ ਕਰ ਰਹੀਆਂ ਹਨ, ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਦਾ ਇਹ ਪ੍ਰਦਰਸ਼ਨ ਵੀ ਇੰਡੀਆ ਪੱਧਰ ’ਤੇ ਜ਼ਿਲ੍ਹਾ ਇਕਾਈਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ/ਹੈਲਪਰਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਦੀ ਪੁਲੀਸ ਅਧਿਕਾਰੀਆਂ ਨਾਲ ਹਲਕੀ ਤੂੰ-ਤੂੰ, ਮੈਂ-ਮੈਂ ਵੀ ਹੋਈ। ਪ੍ਰਦਰਸ਼ਨ ਦੌਰਾਨ ਕੇਂਦਰੀ ਵਿੱਤ ਮੰਤਰੀ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਮੰਤਰੀ ਨੂੰ ਮੰਗ ਪੱਤਰ ਵੀ ਭੇਜੇ ਗਏ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੰਵਿਧਾਨਿਕ ਲਾਭ ਦੇਣ, ਘੱਟ ਤੋਂ ਘੱਟ ਤਨਖਾਹ 26000 ਰੁਪਏ ਕਰਨ, ਪ੍ਰੀ-ਪ੍ਰਾਇਮਰੀ ਸਿੱਖਿਆ ਆਂਗਣਵਾੜੀ ਕੇਂਦਰਾਂ ਵਿੱਚ ਦੇਣ ਨੂੰ ਯਕੀਨੀ ਬਣਾਉਣ, ਡਿਜੀਟਲ ਲਾਈਜ਼ ਦੇ ਨਾਮ ’ਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਹੋਵੇ, ਡਿਜੀਟਲ ਕਰਨ ਦੇ ਲਈ ਸਾਧਨਾਂ ਦਾ ਪ੍ਰਬੰਧ ਕੀਤਾ ਜਾਵੇ, ਆਂਗਣਵਾੜੀ ਮੁਲਾਜ਼ਮਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਪੀਐੱਫ ਕੱਟਣ ਅਤੇ ਈਐੱਸਆਈ ਸਹੂਲਤ ਦੇਣ, ਆਂਗਣਵਾੜੀ ਵਰਕਰਾਂ ਨੂੰ ਗ੍ਰੇਡ ਤਿੰਨ ਅਤੇ ਹੈਲਪਰਾਂ ਨੂੰ ਚੌਥਾ ਦਰਜ਼ਾ ਮੁਲਾਜ਼ਮਾਂ ਵਜੋਂ ਮਾਨਤਾ ਦੇਣ, ਆਈਸੀਡੀਐੱਸ ਸਕੀਮ ਦਾ ਕਿਸੇ ਵੀ ਤਰ੍ਹਾਂ ਨਿੱਜੀਕਰਨ ਨਾ ਹੋਣ ਦਿੱਤਾ ਜਾਵੇ ਅਤੇ ਇਸ ਦਾ ਬਣਦਾ ਬਜਟ ਤੁਰੰਤ ਜਾਰੀ ਕਰਨ ਆਦਿ ਸ਼ਾਮਿਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।