ਨਵੀਂ ਦਿੱਲੀ, 11 ਜੁਲਾਈ
ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜੋ ਹਾਲੀਆ ਲੋਕ ਸਭਾ ਚੋਣਾਂ ’ਚ ਹਾਰ ਗਏ ਸਨ, ਨੇ ਦਿੱਲੀ ਦੇ ਲੁਟੀਅਨਜ਼ ਜ਼ੋਨ ’ਚ 28 ਤੁਗ਼ਲਕ ਕ੍ਰੀਸੈਂਟ ਸਥਿਤ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਰਾਨੀ ਨੇ ਇਸ ਹਫ਼ਤੇ ਦੀ ਸ਼ੁਰੂਆਤ ’ਚ ਇਹ ਬੰਗਲਾ ਖਾਲੀ ਕੀਤਾ ਹੈ। ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸਮ੍ਰਿਤੀ ਇਰਾਨੀ ਨੂੰ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਤੋਂ ਡੇੇਢ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਮਿਲੀ ਸੀ। ਇਰਾਨੀ ਨੇ 2019 ਦੀਆਂ ਆਮ ਚੋਣਾਂ ’ਚ ਇਸ ਹਲਕੇ ਤੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹਰਾਇਆ ਸੀ। ਉਹ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਪਿਛਲੀ ਸਰਕਾਰ ’ਚ ਮਹਿਲਾ ਤੇ ਬਾਲ ਭਲਾਈ ਮੰਤਰੀ ਸਨ। ਇੱਕ ਅਧਿਕਾਰੀ ਨੇ ਦੱਸਿਆ, ‘‘ਉਨ੍ਹਾਂ (ਸਮ੍ਰਿਤੀ ਇਰਾਨੀ) ਨੇ ਇਸ ਹਫ਼ਤੇ ਦੇ ਸ਼ੁਰੂ ’ਚ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ।’’ ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀਆਂ ਤੇ ਸੰਸਦ ਮੈਂਬਰਾਂ ਨੇ ਨਵੀਂ ਸਰਕਾਰ ਦੇ ਗਠਨ ਦੇ ਇੱਕ ਮਹੀਨੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੁੰਦੀ ਹੈ। -ਪੀਟੀਆਈ