ਨਿੱਜੀ ਪੱਤਰ ਪ੍ਰੇਰਕ
ਘਨੌਰ, 11 ਜੁਲਾਈ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਦੀ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਅਤੇ ਕੌਮੀ ਰਾਜ ਮਾਰਗ ’ਤੇ ਕੀਤੀ ਬੈਰੀਕੇਡਿੰਗ ਹਟਾਉਣ ਦੇ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਦੇਸ਼ ਦੀ ਰਾਜਧਾਨੀ ਵਿੱਚ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ, ਜਿਸ ਨੂੰ ਹਰਿਆਣਾ ਦੀ ਸੂਬਾ ਸਰਕਾਰ ਧੱਕੇਸ਼ਾਹੀ ਵੱਲੋਂ ਰਸਤੇ ਬੰਦ ਕਰ ਕੇ ਰੋਕਣਾ ਗ਼ੈਰਕਾਨੂੰਨੀ ਅਤੇ ਗੈਰ ਸੰਵਿਧਾਨਿਕ ਹੈ। ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਲੰਮੇ ਸਮੇਂ ਤੋਂ ਗੁਆਂਢੀ ਰਾਜ ਹਰਿਆਣਾ ਵੱਲੋਂ ਬਾਰਡਰ ਬੰਦ ਰੱਖਣ ਨਾਲ ਜਿੱਥੇ ਆਮ ਨਾਗਰਿਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ, ਉੱਥੇ ਹੀ ਪੰਜਾਬ ਅਤੇ ਹਰਿਆਣਾ ਦੇ ਵਪਾਰੀਆਂ ਨੂੰ ਵੀ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।