ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਤਨਖਾਹਾਂ ਦੀ ਅਦਾਇਗੀ ਨਾ ਹੋਣ ਅਤੇ ਮੰਗਾਂ ਨਾ ਮੰਨਣ ਤੋਂ ਖਫ਼ਾ ਠੇਕੇਦਾਰੀ ਅਧੀਨ ਕੰਮ ਕਰਦੇ ਕਾਮਿਆਂ ਵੱਲੋਂ ਇੱਥੇ ਵਾਟਰ ਸਪਲਾਈ ਤੇ ਸੀਵਰੇਡ ਬੋਰਡ ਦੇ ਮੰਡਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸੰਘਰਸ਼ ਕਮੇਟੀ ਦੇ ਕਨਵੀਨਰ ਚਮਕੌਰ ਸਿੰਘ ਮਹਿਲਾਂ ਅਤੇ ਕੋ-ਕਨਵੀਨਰ ਮੇਲਾ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਵਿਭਾਗ ਵਿਚ ਠੇਕੇਦਾਰੀ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾਂਦੀ ਅਤੇ ਅਨੇਕਾਂ ਮੰਗਾਂ ਲਟਕ ਰਹੀਆਂ ਹਨ ਜਿਨ੍ਹਾਂ ਦਾ ਹਾਲੇ ਤੱਕ ਨਿਬੇੜਾ ਨਹੀਂ ਕੀਤਾ ਗਿਆ ਜਿਸ ਕਾਰਨ ਕਾਮਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮੀਟਿੰਗਾਂ ’ਚ ਹੋਏ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪਿਛਲੇ ਮਹੀਨੇ ਐੱਸਡੀਐੱਮ ਸੰਗਰੂਰ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਜਿਨ੍ਹਾਂ ਵਿਚ ਕਾਰਜਕਾਰੀ ਇੰਜਨੀਅਰ ਅਤੇ ਵਿਭਾਗ ਅਧੀਨ ਕੰਮ ਕਰਦੀ ਕੰਪਨੀ ਦੇ ਨੁਮਾਇੰਦੇ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿਚ ਹੋਏ ਫੈਸਲਿਆਂ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕਰਮਚਾਰੀਆਂ ਨੂੰ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਕਰਮਚਾਰੀਆਂ ਵਲੋਂ ਕਾਰਜਕਾਰੀ ਇੰਜਨੀਅਰ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਬਾਅਦ ਦੁਪਹਿਰ ਦੋ ਵਜੇ ਤੱਕ ਉਹ ਦਫ਼ਤਰ ਨਹੀਂ ਪੁੱਜੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਧੂਰੀ (ਖੇਤਰੀ ਪ੍ਰਤੀਨਿਧ): ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਸੰਗਰੂਰ ਵੱਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਉਪ ਮੰਡਲ ਦਫ਼ਤਰ ਧੂਰੀ ਦੇ ਅੱਗੇ ਕੰਮ ਠੱਪ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਾਮਿਆਂ ਨੇ ਵਿਭਾਗ ਵਿੱਚ ਠੇਕਾ ਮੁਲਾਜ਼ਮਾਂ, ਸੀਵਰਮੈਨਾਂ ਤੇ ਪੰਪ ਅਪਰੇਟਰਾਂ ਨੂੰ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਖ਼ਿਲਾਫ਼ ਰੋਸ ਪ੍ਰਗਟ ਕਰਕੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 5 ਜੂਨ ਨੂੰ ਐੱਸਡੀਓ ਨੇ ਜਥੇਬੰਦੀ ਨਾਲ ਮੀਟਿੰਗ ਕਰਕੇ 8 ਜੂਨ ਨੂੰ ਤਨਖਾਹਾਂ ਦੇਣ ਭਰੋਸਾ ਦਿੱਤਾ ਸੀ ਪਰ ਤਨਖਾਹਾਂ ਅੱਜ ਤੱਕ ਨਹੀਂ ਦਿੱਤੀਆਂ ਗਈਆਂ, ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ਦੀ ਪ੍ਰਧਾਨਗੀ ਗੁਰਜੰਟ ਸਿੰਘ ਬੁਗਰਾ ਨੇ ਕੀਤੀ। ਇਸ ਮੌਕੇ ਇੰਦਰ ਸਿੰਘ ਧੂਰੀ, ਹੰਸ ਰਾਜ ਦੀਦਾਰਗੜ੍ਹ, ਸੰਜੀਵ ਕੁਮਾਰ, ਹਰਬੰਸ ਸਿੰਘ, ਨਰੈਣ ਦੱਤ, ਰਾਮ ਆਸਰਾ, ਨਿੱਕਾ ਸਿੰਘ, ਵਿੱਕੀ, ਦੀਪਕ ਕੁਮਾਰ, ਜਸਪਾਲ ਸਿੰਘ, ਹਰਮਿਲਾਪ ਪਿੰਸ ਤੇ ਵਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।