ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸਬੰਧੀ ਵੱਖ-ਵੱਖ ਮਤੇ ਪਾਸ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਝੋਨੇ ਦੀ ਲੁਆਈ ਲਈ ਪਾਵਰ ਬਿਜਲੀ ਸਪਲਾਈ 8 ਘੰਟੇ ਨਾ ਮਿਲਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਪਾਵਰ ਬਿਜਲੀ ਸਪਲਾਈ ਦਿੱਤੀ ਜਾਵੇ। ਕਿਸਾਨਾਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਮੱਝਾਂ ਚਾਰਨ ਵਾਲੇ ਗੁੱਜਰ ਭਾਈਚਾਰੇ ਦੇ ਲੋਕਾਂ ’ਤੇ ਪੰਜਾਬ ਆਉਣ ਉੱਤੇ ਰੋਕ ਲਗਾਈ ਜਾਵੇ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ, ਕਿਉਂਕਿ ਪਸ਼ੂ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਉੱਥੇ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਪੌਦੇ ਮੁਹੱਈਆ ਕਰਵਾ ਰਹੀ ਹੈ ਪਰ ਲਾਵਾਰਿਸ ਪਸ਼ੂਆਂ ਅਤੇ ਜਾਨਵਰ ਬੂਟਿਆਂ ਅਤੇ ਫ਼ਸਲਾਂ ਦਾ ਨੁਕਸਾਨ ਕਰਦੇ ਹਨ, ਇਸ ਸਬੰਧੀ ਜ਼ਿੰਮੇਵਾਰ ਤੈਅ ਕੀਤੀ ਜਾਵੇ। ਕਿਸਾਨਾਂ ਨੇ ਪ੍ਰਾਈਵੇਟ ਕੰਪਨੀ ਵੱਲੋਂ ਮਾਮੂਪੁਰ ਅਤੇ ਹਸਨਪੁਰ ਲਿੰਕ ਸੜਕ ਨੂੰ ਬੁਰੀ ਤਰ੍ਹਾਂ ਤੋੜ ਦੇਣ ਦਾ ਦੋਸ਼ ਲਾਇਆ।
ਕਿਸਾਨਾਂ ਨੇ ਕੰਪਨੀ ਨੂੰ ਚਿਤਾਵਨੀ ਦਿੱਤੀ ਕਿ ਸੜਕ ਦੀ ਤੁਰੰਤ ਮੁਰੰਮਤ ਨਹੀਂ ਕਰਵਾਈ ਤਾਂ ਇਹ ਸੜਕ ਕੰਪਨੀ ਲਈ ਆਵਾਜਾਈ ਬੰਦ ਕੀਤੀ ਜਾਵੇ। ਮੀਟਿੰਗ ਵਿੱਚ ਸਨੇਟਾ ਮੰਡੀ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਪੱਕਾ ਕਰਨ ਦੀ ਮੰਗ ਕੀਤੀ।