ਚੰਡੀਗੜ੍ਹ, 16 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਸਬੰਧੀ ਪੰਜਾਬੀ ਵਿੱਚ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਉਹ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ’ਤੇ ਪੰਥ ਨਾਲ ਖ਼ਿਲਵਾੜ ਕਰਨ ਦੇ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਨੂੰ ਤਲਬ ਕੀਤਾ ਸੀ।