ਪੱਤਰ ਪ੍ਰੇਰਕ
ਮਾਨਸਾ, 16 ਜੁਲਾਈ
ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ, ਬਲਾਕ ਸਮਿਤੀ, ਜ਼ਿਲ੍ਹਾ ਪਰਿਸ਼ਦ ਅਤੇ ਨਗਰ ਕੌਂਸਲ ਦੀਆਂ ਚੋਣਾਂ ਭਾਜਪਾ ਆਪਣੇ ਦਮ ’ਤੇ ਲੜੇਗੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਖਿੱਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਪਾਰਟੀ ਆਪਣੀ ਰਿਵਾਇਤ ਅਨੁਸਾਰ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰੇਗੀ। ਉਹ ਮਾਨਸਾ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣੇਗੀ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਣ ਕਾਰਨ ਗ੍ਰਾਂਟਾਂ ਖੁੱਲ੍ਹ-ਦਿਲੀ ਨਾਲ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਮੇਂ ਪਿੰਡਾਂ ਵਿੱਚ, ਜੋ ਵੀ ਮਨਰੇਗਾ ਸਕੀਮ ਅਧੀਨ ਮਜ਼ਦੂਰ ਕੰਮ ਕਰ ਰਹੇ ਹਨ ਅਤੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਬਣ ਰਹੀਆਂ ਹਨ, ਉਹ 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਸਕੀਮ ਅਧੀਨ ਕੰਮ ਹੋ ਰਹੇ ਹਨ, ਜਿਸ ਨੂੰ ਸੂਬਾ ਸਰਕਾਰ ਆਪਣੀ ਪ੍ਰਾਪਤੀ ਦੱਸ ਰਹੀ ਹੈ।