ਖੇਤਰੀ ਪ੍ਰਤੀਨਿਧ
ਬਰਨਾਲਾ, 19 ਜੁਲਾਈ
ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡੀਸੀ ਕੰਪਲੈਕਸ ਵਿੱਚ ਧਰਨਾ ਦਿੱਤਾ ਗਿਆ ਜਿਸ ਵਿੱਚ ਜ਼ਿਲ੍ਹੇ ਭਰ ਤੋਂ ਮਜ਼ਦੂਰ ਅਤੇ ਮਗਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਦੀ ਸ਼ੁਰੂਆਤ ਇਨਕਲਾਬੀ ਗਾਇਕ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਕੀਤੀ। ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਿਛਲੇ ਛੇ-ਸੱਤ ਮਹੀਨਿਆਂ ਤੋਂ ਮਗਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰਾਂ ਤੋਂ ਕੰਮ ਕਿਤੇ ਹੋਰ ਥਾਂ ‘ਤੇ ਕਰਵਾਇਆ ਜਾਂਦਾ ਹੈ ਪਰ ਹਾਜ਼ਰੀ 5-6 ਕਿਲੋਮੀਟਰ ਦੂਰ ਕਿਤੇ ਹੋਰ ਜਗ੍ਹਾ ’ਤੇ ਲਵਾਈ ਜਾਂਦੀ ਹੈ। ਆਗੂਆਂ ਦੋਸ਼ ਲਾਇਆ ਕਿ ਅਸਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਕਾਨੂੰਨ ਖ਼ਤਮ ਕਰਨਾ ਚਾਹੁੰਦੀ ਹੈ। ਬੁਲਾਰੇ ਆਗੂਆਂ ਮੰਗ ਕੀਤੀ ਕਿ ਨਿਯਮਾਂ ਅਨੁਸਾਰ ਮਜ਼ਦੂਰਾਂ ਦੀ ਰਾਇ ਨਾਲ ਹਰ ਪੰਜਾਹ ਮਜ਼ਦੂਰਾਂ ਪਿੱਛੇ ਇਕ ਮੇਟ ਨਿਯੁਕਤ ਕੀਤਾ ਜਾਵੇ, ਵਾਨਾਪਿੰਡਾਂ ਦੇ ਸਰਪੰਚਾਂ ਅਤੇ ਸਿਆਸੀ ਰਸੂਖ ਦੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਦਿੱਤੇ ਭਰੋਸੇ ਅਨੁਸਾਰ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਫੌਰੀ ਮੀਟਿੰਗ ਕਰਵਾਈ ਜਾਵੇ ਨਹੀਂ ਤਾਂ ਉਹ ਜਾਮ ਲਗਾਉਣ ਲਈ ਮਜਬੂਰ ਹੋਣਗੇ।
ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਭੋਲ਼ਾ ਸਿੰਘ ਕਲਾਲ ਮਾਜਰਾ ਨੇ ਕਿਹਾ ਮਜ਼ਦੂਰਾਂ ਨੂੰ ਕਾਨੂੰਨ ਮੁਤਾਬਕ ਕਿਤੇ ਵੀ ਸੌ ਦਿਨ ਦਾ ਕੰਮ ਨਹੀਂ ਮਿਲ਼ਿਆ ਤੇ ਨਾਂ ਹੀ ਬੇਰੁਜ਼ਗਾਰੀ ਭੱਤਾ ਦਿੱਤਾ ਗਿਆ। ਅਖੀਰ ‘ਚ ਡੀਸੀ ਦੇ ਨੁਮਾਇੰਦੇ ਨੇ ਧਰਨਾ ਸਥਾਨ ‘ਤੇ ਪੁੱਜ ਕੇ ਮੰਗ ਪੱਤਰ ਹਾਸਲ ਕੀਤਾ।