ਰਾਜਨ ਮਾਨ
ਮਜੀਠਾ, 20 ਜੁਲਾਈ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ ਪੰਜਾਬ ਦੀ ਜਨਤਾ ਨੂੰ ਗਰੀਬ ਕਰਕੇ ‘ਆਪ’ ਅਮੀਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਪੰਜਾਬ ਦੀ ਆਰਥਿਕ ਬਰਬਾਦੀ ਲਈ ਜ਼ਿੰਮੇਵਾਰ ਹਨ। ਪਿੰਡ ਜਗਦੇਵ ਕਲਾਂ ਅਤੇ ਅਜਨਾਲਾ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਪਾਰਟੀਆਂ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਹਨ, ਸਾਰੀਆਂ ਦੇ ਆਗੂਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਮੁਸੀਬਤਾਂ ਵਿਚ ਪਾਇਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ ਅਤੇ ਤਾਂ ਹੀ ਲੋਕਾਂ ਨੇ ਇਨ੍ਹਾਂ ਨੂੰ ਇਨ੍ਹਾਂ ਦੀ ਕਰਨੀ ਦਾ ਫ਼ਲ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਨੂੰ ਪੰਜ ਸਾਲਾਂ ਵਿਚ ਹੀ ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਆਪਣੇ ਰਾਜ ਭਾਗ ਵਿੱਚ ਲੋਕਾਂ ਦੀ ਬਾਂਹ ਨਹੀਂ ਫੜੀ ਸਗੋਂ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਮਾੜੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਲੋਕਾਂ ਨੂੰ ਬਿਨਾਂ ਕਾਰਨ ਖੱਜਲ ਖੁਆਰ ਕਰਨ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਧਾਰਨ ਕੰਮਾਂ ਲਈ ਲੋਕਾਂ ਨੂੰ ਦਫਤਰਾਂ ਵਿੱਚ ਚੱਕਰ ਲਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹੀ ਸਰਕਾਰ ਵੱਲੋਂ ਲੋਕਾਂ ਦੇ ਦੁਆਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇ ਕੋਈ ਵੀ ਅਧਿਕਾਰੀ ਉਨ੍ਹਾਂ ਦੇ ਸਹੀ ਕੰਮ ਵਿੱਚ ਬਿਨਾਂ ਕਾਰਨ ਅੜਿੱਚਣ ਪੈਦਾ ਕਰਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਦੱਸਣ ਤਾਂ ਜੋ ਉਸ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।