ਨਿੱਜੀ ਪੱਤਰ ਪ੍ਰੇਰਕ
ਸਿਰਸਾ, 20 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਲਕੇ 21 ਜੁਲਾਈ ਨੂੰ ਸਿਕੰਦਰਪੁਰ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਆਉਣਗੇ, ਜਿਥੇ ਉਹ ‘ਇਕ ਪੌਦਾ ਮਾਂ ਦੇ ਨਾਂ’ ਮੁਹਿੰਮ ਤਹਿਤ ਕੀਤੇ ਜਾਣ ਵਾਲੇ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਸੁਰੱਖਿਆ ਵਿਵਸਥਾ ਸਬੰਧੀ ਅੱਜ ਸਤਿਸੰਗ ਘਰ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਆਰ.ਕੇ. ਸਿੰਘ ਨੇ ਦੱਸਿਆ ਕਿ 21 ਜੁਲਾਈ ਨੂੰ ਸਵੇਰੇ ਦਸ ਵਜੇ ਸਿਕੰਦਰਪੁਰ ਰਾਧਾ ਸੁਆਮੀ ਸਤਿਸੰਗ ਘਰ ਮੁੱਖ ਮੰਤਰੀ ਇਕ ਰੁੱਖ ਮਾਂ ਦੇ ਨਾਂ ਪ੍ਰੋਗਰਾਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਸਤਿਸੰਗ ਸਥਾਨ ਅਤੇ ਮੁੱਖ ਮਾਰਗਾਂ ’ਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਸੜਕਾਂ ਦਾ ਨਿਰੀਖਣ ਕਰਨ ਅਤੇ ਲੋੜ ਅਨੁਸਾਰ ਮੁਰੰਮਤ ਕਰਵਾਉਣ।