ਪੱਤਰ ਪ੍ਰੇਰਕ
ਚੰਡੀਗੜ੍ਹ, 20 ਜੁਲਾਈ
ਨੀਟ ਪ੍ਰੀਖਿਆ ਲੀਕ ਮਾਮਲੇ ਵਿੱਚ ਯੂਥ ਕਾਂਗਰਸ ਵੱਲੋਂ ਅੱਜ ਇੱਥੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸੀ ਆਗੂਆਂ ਨੇ ਹੱਥਾਂ ਵਿੱਚ ਜਾਅਲੀ ਡਿਗਰੀਨੁਮਾ ਤਖ਼ਤੀਆਂ ਫੜ ਕੇ ਸਰਕਾਰ ਨੂੰ ਹਲੂਣਾ ਦੇਣ ਦਾ ਯਤਨ ਕੀਤਾ।
ਪੰਜਾਬ ਕਾਂਗਰਸ ਭਵਨ ਤੋਂ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਸ਼ੁਰੂ ਹੋਇਆ ਰੋਸ ਮਾਰਚ ਵਿੱਚ ਸ਼ਾਮਲ ਆਗੂ ਪੰਜਾਬ ਯੂਨੀਵਰਸਿਟੀ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਦੀ ਮੰਗ ਕਰ ਰਹੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਗੇਟ ਤੋਂ ਪਹਿਲਾਂ ਹੀ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਯੂਥ ਕਾਂਗਰਸੀ ਆਗੂਆਂ ਵਿੱਚ ਇੰਚਾਰਜ ਰਿਸ਼ੰਦਰਾ ਸਿੰਘ ਮਾਹਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਚੱਡਾ, ਦੀਪਕ ਖੋਸਲਾ, ਮੀਤ ਪ੍ਰਧਾਨ ਹਰਨੀਤ ਬਰਾੜ ਆਦਿ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਰਾਹੀਂ ਉਹ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਰਾਹੀਂ ਕੇਂਦਰ ਸਰਕਾਰ ਤੱਕ ਇਹ ਸੁਨੇਹਾ ਪਹੁੰਚਾਉਣਾ ਚਾਹੁੰਦੇ ਹਨ ਕਿ ਦੇਸ਼ ਵਿੱਚ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਦੇਸ਼ ਵਿੱਚ ਜਿਸ ਤਰ੍ਹਾਂ ‘ਨੀਟ’ ਵਰਗੇ ਪੇਪਰ ਲੀਕ ਹੋ ਰਹੇ ਹਨ, ਇਸ ਤੋਂ ਸਾਬਤ ਹੋ ਜਾਂਦਾ ਹੈ ਕਿ ਜਾਅਲੀ ਡਿਗਰੀਆਂ ਵੰਡੀਆਂ ਜਾ ਰਹੀਆਂ ਹਨ ਜਿਸ ਨਾਲ ਸਹੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਅਤੇ ਦੇਸ਼ ਦਾ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੀਟ ਪ੍ਰੀਖਿਆ ਵਿੱਚ ਧਾਂਦਲ਼ੀ ਕਰ ਕੇ ਨੌਜਵਾਨਾਂ ਦਾ ਕਰੀਅਰ ਖ਼ਰਾਬ ਹੋਇਆ ਹੈ। ਜੇ ਦੇਸ਼ ਦੇ ਹਾਲਾਤ ਇਹੋ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੀਜੀਆਈ ਵਰਗੇ ਵੱਡੇ ਸੰਸਥਾਨਾਂ ਵਿੱਚ ਵੀ ਅਜਿਹੇ ਫ਼ਰਜ਼ੀ ਡਿਗਰੀਆਂ ਵਾਲੇ ਡਾਕਟਰ ਭਰਤੀ ਹੋਣਗੇ। ਅਜਿਹੇ ਡਾਕਟਰ ਮਰੀਜ਼ਾਂ ਦੀ ਜਾਨ ਲਈ ਵੱਡਾ ਖ਼ਤਰਾ ਬਣਨਗੇ। ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇਪਰ ਲੀਕ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਕੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾਵੇ।