ਗੁਰਿੰਦਰ ਸਿੰਘ
ਲੁਧਿਆਣਾ, 21 ਜੁਲਾਈ
ਸ਼੍ਰ੍ੋਮਣੀ ਅਕਾਲੀ ਦਲ ਪੰਜਾਬ ਦੇ ਬੁਲਾਰੇ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਪੰਜਾਬ ਸਰਕਾਰ ਦੀ ਸੁਸਤ ਅਤੇ ਨਿਕੰਮੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਬੇ-ਅਦਬੀ ਜਿਹੇ ਅਨੇਕਾਂ ਮੁੱਦਿਆਂ ਨੂੰ ਖ਼ਤਮ ਕਰਨ ਦੀਆਂ ਝੂਠੀਆਂ ਕਸਮਾਂ ਖਾ ਕੇ ਰੰਗਲੇ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ ਅਤੇ ਇਸ ਦੇ ਸਾਰੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪ੍ਰੇਸ਼ਾਨ ਹੈ ਕਿਉਂਕਿ ਸਿਹਤ ਅਤੇ ਸਿੱਖਿਆ ਦਾ ਮਿਆਰ ਦਿਨ ਬਦਿਨ ਹੇਠਾਂ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਦੂਜੇ ਪਾਸੇ ਮਾਨ ਸਰਕਾਰ ਮੁਹੱਲਾ ਕਲੀਨਿਕ ਦੁਆਰਾ ਲੋੜਵੰਦ ਲੋਕਾਂ ਨੂੰ ਲਾਭ ਮਿਲਣ ਦੇ ਦਾਅਵੇ ਕਰਕੇ ਗੁੰਮਰਾਹ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਲੋਕ ਮੁਹੱਲਾ ਕਲੀਨਿਕਾਂ ਵਿੱਚ ਡਾਕਟਰਾਂ ਅਤੇ ਦਵਾਈਆਂ ਦੀ ਘਾਟ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਨਾ ਮਿਲਣ ਕਾਰਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਨੂੰ ਆਏ ਦਿਨ ਨਵੇਂ ਸੁਪਨੇ ਵਿਖਾਉਣ ਦੀ ਬਜਾਏ ਤਿੰਨ ਸਾਲ ਪਹਿਲਾਂ ਦਿੱਤੀਆਂ ਆਪਣੀਆਂ ਗਾਰੰਟੀਆਂ ਅਤੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਤਾਂ ਜੋ ਸੂਬੇ ਦੇ ਲੋਕ ਸੁੱਖ ਦਾ ਸਾਹ ਲੈ ਸਕਣ।