ਆਤਿਸ਼ ਗੁਪਤਾ
ਚੰਡੀਗੜ੍ਹ, 21 ਜੁਲਾਈ
ਭਾਰਤ ਸਰਕਾਰ ਦੇ 16ਵੇਂ ਵਿੱਤ ਕਮਿਸ਼ਨ ਦੀ ਛੇ ਮੈਂਬਰੀ ਟੀਮ ਚੇਅਰਮੈਨ ਅਰਵਿੰਦ ਪਨਗੜੀਆ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਪਹੁੰਚ ਗਈ। ਟੀਮ ਦੇ ਮੈਂਬਰਾਂ ਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਸਵਾਗਤ ਕੀਤਾ। ਸੂਬਾ ਸਰਕਾਰ ਨੂੰ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਵੱਡੀਆਂ ਆਸਾਂ ਹਨ, ਜਿਨ੍ਹਾਂ ਕੋਲ ਵਿੱਤ ਮੰਤਰੀ ਚੀਮਾ ਵੱਲੋਂ ਆਪਣਾ ਕੇਸ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਜਾਵੇਗੀ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਆਸ ਹੈ ਕਿ ਵਿੱਤ ਕਮਿਸ਼ਨ ਵੱਲੋਂ ਸੂਬੇ ਨੂੰ ਕੋਈ ਵੱਡਾ ਪੈਕੇਜ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 15ਵੇਂ ਵਿੱਤ ਕਮਿਸ਼ਨ ਦੀ ਟੀਮ ਨੇ ਪੰਜਾਬ ਨੂੰ 25,968 ਕਰੋੜ ਰੁਪਏ ਦੀ ਪੋਸਟ ਡਿਵੈਲਿਊਏਸ਼ਨ ਰੈਵੇਨਿਊ ਡੈਫੀਸਿਟ ਗਰਾਂਟ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 16ਵੇਂ ਵਿੱਤ ਕਮਿਸ਼ਨ ਦੀ ਟੀਮ ਵੱਲੋਂ 22 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਪਹਿਲਾਂ ਸੂਬਾ ਸਰਕਾਰ ਵੱਲੋਂ ਵਿੱਤ ਕਮਿਸ਼ਨ ਮੂਹਰੇ ਇਕ ਪੇਸ਼ਕਾਰੀ ਰਾਹੀਂ ਆਪਣਾ ਕੇਸ ਪੇਸ਼ ਕੀਤਾ ਜਾਵੇਗਾ। ਉਸ ਤੋਂ ਬਾਅਦ ਵਿੱਤ ਕਮਿਸ਼ਨ ਦੀ ਟੀਮ ਦੇ ਮੈਂਬਰ ਸਥਾਨਕ ਸਰਕਾਰਾਂ ਵਿਭਾਗ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਉਪਰੰਤ ਵਿੱਤ ਕਮਿਸ਼ਨ ਵੱਲੋਂ ਸ਼ਾਮ ਸਮੇਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਭਾਜਪਾ ਦੇ ਆਗੂ ਸ਼ਾਮਲ ਹੋਣਗੇ। 23 ਜੁਲਾਈ ਨੂੰ ਵਿੱਤ ਕਮਿਸ਼ਨ ਦੀ ਟੀਮ ਵੱਲੋਂ ਅੰਮ੍ਰਿਤਸਰ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਵਿੱਤ ਕਮਿਸ਼ਨ ਦੇ ਮੈਂਬਰਾਂ ਵੱਲੋਂ ਵਪਾਰ ਤੇ ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ
ਕੀਤੀ ਜਾਵੇਗੀ।