ਨਵੀਂ ਦਿੱਲੀ, 21 ਜੁਲਾਈ
ਦਿੱਲੀ ਹਾਈ ਕੋਰਟ ਵੱਲੋਂ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਪਿਛਲੀ ਕਥਿਤ ਵੱਡੀ ਸਾਜ਼ਿਸ਼ ਨਾਲ ਸਬੰਧਤ ਇਕ ਯੂਏਪੀਏ ਮਾਮਲੇ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਖ਼ਾਲਿਦ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਸਬੰਧੀ ਹੇਠਲੀ ਅਦਾਲਤ ਦੇ ਤਾਜ਼ਾ ਹੁਕਮਾਂ ਨੂੰ ਚੁਣੌਤੀ ਦਿੰਦੀ ਇਸ ਅਰਜ਼ੀ ’ਤੇ ਸੁਣਵਾਈ ਜਸਟਿਸ ਪ੍ਰਤਿਭਾ ਐੱਮ ਸਿੰਘ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਵੱਲੋਂ ਕੀਤੀ ਜਾਵੇਗੀ। ਫਰਵਰੀ 2020 ਵਿੱਚ ਹੋਏ ਹਮਲਿਆਂ ਦਾ ਮੁੱਖ ਸਾਜ਼ਿਸ਼ਕਾਰ ਹੋਣ ਦੇ ਦੋਸ਼ ਤਹਿਤ ਖ਼ਾਲਿਦ, ਸ਼ਰਜੀਲ ਇਮਾਮ ਅਤੇ ਹੋਰ ਕਈਆਂ ਖ਼ਿਲਾਫ਼ ਅਤਿਵਾਦ ਵਿਰੋਧੀ ਕਾਨੂੰਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਅਤੇ ਆਈਪੀਸੀ ਦੇ ਪ੍ਰਬੰਧਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੰਗਿਆਂ ਵਿੱਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ। -ਪੀਟੀਆਈ