ਮਹਿੰਦਰ ਸਿੰਘ ਰੱਤੀਆਂ
ਮੋਗਾ, 21 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ’ਤੇ 60 ਦਿਨ ਲਈ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ’ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਇਸ ਪਾਬੰਦੀ ਦਾ ਮਕਸਦ ਕਿਸਾਨਾਂ ਨੂੰ ਬਾਸਮਤੀ ਦਾ ਸਹੀ ਝਾੜ ਅਤੇ ਮੁੱਲ ਦਿਵਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੱਧ ਮੁਨਾਫਾ ਖੱਟ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕੈਂਪ ਲਗਾ ਕੇ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਦੁਕਾਨਦਾਰਾਂ ਨੂੰ ਮੀਟਿੰਗ ਕਰ ਕੇ ਸਰਕਾਰ ਦੇ ਫ਼ੈਸਲੇ ਤੋਂ ਜਾਣੂੰ ਵੀ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਦੁਕਾਨਦਾਰਾਂ ਨੂੰ ਵਿਕਰੀ ਰਿਕਾਰਡ ਰੱਖਣ ਅਤੇ ਕਿਸਾਨਾਂ ਨੂੰ ਵੇਚੀ ਜਾ ਰਹੀ ਵਸਤੂ ਦਾ ਪੱਕਾ ਬਿੱਲ ਦੇਣ ਲਈ ਕਿਹਾ ਗਿਆ।
ਡਾ. ਬਰਾੜ ਨੇ ਕਿਹਾ ਕਿ ਸੀਜ਼ਨ ਦੇ ਅਖੀਰ ਵਿੱਚ ਸੂਬੇ ਦੇ ਵੱਖ-ਵੱਖ ਇਲਾਕਿਆਂ ’ਚੋਂ ਬਾਸਮਤੀ ਦੀ ਸੈਂਪਲਿੰਗ ਕਰ ਕੇ ਇਨ੍ਹਾਂ ’ਚ ਕੀਟਨਾਸ਼ਕ ਅੰਸ਼ ਮਾਪਣ ਲਈ ਟੈਸਟਿੰਗ ਕਰਵਾਈ ਜਾਵੇਗੀ। ਜੇ ਜਾਂਚ ਵਿੱਚ ਇਨ੍ਹਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਅੰਸ਼ ਪਏ ਜਾਂਦੇ ਹਨ ਤਾਂ ਇਸ ਦੀ ਪੜਤਾਲ ਕਰ ਕੇ ਸਬੰਧਤ ਡੀਲਰ/ਵਿਕਰੇਤਾ ਦੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।