ਨਵੀਂ ਦਿੱਲੀ, 22 ਜੁਲਾਈ
ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਬੀਆਰਐਸ ਆਗੂ ਕੇ ਕਵਿਤਾ ਖ਼ਿਲਾਫ਼ ਦਾਇਰ ਪੂਰਕ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਸ ਕੇਸ ਵਿੱਚ ਉਸ (ਕਵਿਤਾ) ਵਿਰੁੱਧ ਕਾਰਵਾਈ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ। ਜੱਜ ਨੇ ਸੀਬੀਆਈ ਨੂੰ ਕਵਿਤਾ ਨੂੰ ਸਪਲੀਮੈਂਟਰੀ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਨ ਦਾ ਵੀ ਨਿਰਦੇਸ਼ ਦਿੱਤਾ। ਇਸ ਮੌਕੇ ਕਵਿਤਾ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ’ਤੇ ਦੱਖਣੀ ਸਮੂਹ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨਾਲ ਮਿਲ ਕੇ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਤਹਿਤ ਸ਼ਰਾਬ ਦੇ ਲਾਇਸੈਂਸ ਲੈਣ ਲਈ ਆਮ ਆਦਮੀ ਪਾਰਟੀ ਨੂੰ ਹਿੱਸੇ ਵਜੋਂ 100 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਸੀ। ‘ਆਪ’ ’ਤੇ ਇਸ ਪੈਸੇ ਦਾ ਇੱਕ ਹਿੱਸਾ ਕਥਿਤ ਤੌਰ ’ਤੇ 2022 ਗੋਆ ਵਿਧਾਨ ਸਭਾ ਚੋਣ ਮੁਹਿੰਮ ਲਈ ਖਰਚ ਕਰਨ ਦੇ ਦੋਸ਼ ਲੱਗੇ ਸਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 15 ਮਾਰਚ ਨੂੰ ਹੈਦਰਾਬਾਦ ਵਿੱਚ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ 11 ਅਪਰੈਲ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਪੀਟੀਆਈ