ਨਵੀਂ ਦਿੱਲੀ, 22 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਨੈਸ਼ਨਲ ਹੈਰਾਲਡ ਮਾਮਲੇ ’ਚ ਟਰਾਇਲ ਕੋਰਟ ਅੱਗੇ ਸਬੂਤ ਪੇਸ਼ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਅਤੇ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਇਸ ਸਬੰਧੀ ਆਪਣਾ ਪੱਖ ਲਿਖਤੀ ਪੇਸ਼ ਕਰਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਵਿੱਚ ਪੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ 15,000 ਰੁਪਏ ਪ੍ਰਤੀ ਲਿਖਤੀ ਬੇਨਤੀਆਂ ਸਵੀਕਾਰ ਕੀਤੀਆਂ ਜਾਣਗੀਆਂ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਨਿਰਧਾਰਿਤ ਕੀਤੀ ਹੈ। ਹਾਈਕੋਰਟ ਨੈਸ਼ਨਲ ਹੈਰਾਲਡ ਕੇਸ ਵਿੱਚ ਹੇਠਲੀ ਅਦਾਲਤ ਦੇ ਸਾਹਮਣੇ ਸਬੂਤ ਪੇਸ਼ ਕਰਨ ਦੀ ਮੰਗ ਕਰਨ ਵਾਲੀ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ਜਿਸ ਵਿਚ ਸੋਨੀਆ ਤੇ ਰਾਹੁਲ ਸਣੇ ਹੋਰ ਮੁਲਜ਼ਮ ਹਨ। ਅਦਾਲਤ ਨੇ 22 ਫਰਵਰੀ 2021 ਨੂੰ ਸੋਨੀਆ, ਰਾਹੁਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਆਸਕਰ ਫਰਨਾਂਡੇਜ਼, ਸੁਮਨ ਦੂਬੇ, ਸੈਮ ਪਿਤਰੋਦਾ ਅਤੇ ਯੰਗ ਇੰਡੀਆ ਤੋਂ ਸਵਾਮੀ ਦੀ ਪਟੀਸ਼ਨ ’ਤੇ ਜਵਾਬ ਮੰਗਿਆ ਸੀ।
ਪੀਟੀਆਈ