ਦੀਪਕ ਠਾਕੁਰ
ਤਲਵਾੜਾ, 22 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ‘ਆਪ’ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਵਿਰੋਧ ’ਚ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਹਨ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਹਰਜੀਤ ਸਿੰਘ ਢਡਵਾਲ, ਪਸਸਫ਼ ਆਗੂ ਰਾਜੀਵ ਸ਼ਰਮਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਸਿੰਬਲੀ ਨੇ ਦੱਸਿਆ ਕਿ ਰਾਜ ਸਰਕਾਰ ਦੇ ਜਨਤਕ ਅਦਾਰਿਆਂ ’ਚ ਮਨਜ਼ੂਰਸ਼ੁਦਾ ਅਤੇ ਗੈਰ-ਮਨਜ਼ੂਰਸ਼ੁਦਾ ਅਸਾਮੀਆਂ ’ਤੇ ਲਗਭਗ ਪੌਣੇ ਦੋ ਲੱਖ ਮੁਲਾਜ਼ਮ ਨਿਗੂਣੀਆ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਮਰਜ ਕਰਕੇ ਪੱਕੇ ਕਰਨ ਦੇ ਵਾਅਦੇ ਨਾਲ ਸੱਤਾ ’ਚ ਆਈ ‘ਆਪ’ ਸਰਕਾਰ ਹੁਣ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ। ਢਾਈ ਸਾਲ ਦੇ ਕਾਰਜਕਾਲ ’ਚ ਭਗਵੰਤ ਮਾਨ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਂ ਹੇਠਾਂ ਸਬ ਕਮੇਟੀਆਂ ਬਣਾ ਕੇ ਡੰਗ ਟਪਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਸਰਕਾਰ ਦੇ ਰਵੱਈਏ ਤੋਂ ਦੁਖੀ ਠੇਕਾ ਮੁਲਾਜ਼ਮਾਂ ’ਚ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਦੇ ਆਗੂ ਹਰਜੀਤ ਸਿੰਘ ਢਡਵਾਲ ਨੇ ਅੱਜ ਸਮੂਹ ਜ਼ਿਲ੍ਹਿਆਂ ’ਚ ਮੁਜ਼ਾਹਰਿਆਂ ਦੀ ਪੁਸ਼ਟੀ ਕੀਤੀ ਹੈ।
ਪਠਾਨਕੋਟ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਮੋਰਚੇ ਦੇ ਸੂਬਾਈ ਆਗੂ ਹਰਜੀਤ ਸਿੰਘ ਢਡਵਾਲ ਦੀ ਪ੍ਰਧਾਨਗੀ ਹੇਠ ਇੱਥੇ ਡੀਸੀ ਦਫ਼ਤਰ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਸੰਬੋਧਨ ਕਰਦੇ ਹੋਏ ਹਰਜੀਤ ਸਿੰਘ ਅਤੇ ਰਘਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਉਨ੍ਹਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਹੁਣ ਜਦ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਉਹ ਮੁੱਖ ਮੰਤਰੀ ਬਣਨ ਬਾਅਦ ਉਨ੍ਹਾਂ ਕੋਲ ਮੁਲਾਜ਼ਮਾਂ ਦੀ ਗੱਲ ਸੁਣਨ ਦਾ ਸਮਾਂ ਵੀ ਨਹੀਂ ਹੈ।
ਜਲ ਸਪਲਾਈ ਕਾਮਿਆਂ ਨੇ ਸਰਕਾਰ ਦਾ ਪੁਤਲਾ ਫੂਕਿਆ
ਮੁਕੇਰੀਆਂ (ਪੱਤਰ ਪ੍ਰੇਰਕ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਵਿਰੋਧ ਵਿੱਚ ਅੱਜ ਇੱਥੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਬ੍ਰਾਂਚ ਆਗੂ ਮਨਜੀਤ ਸਿੰਘ ਅਤੇ ਰਜਤ ਕੁਮਾਰ ਨੇ ਕੀਤੀ।