ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਜੁਲਾਈ
ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਪੈਨਲ ਮੀਟਿੰਗ ਕਰਕੇ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰਨ ਦੇ ਕੀਤੇ ਵਾਅਦੇ ਪੂਰੇ ਨਾ ਹੋਣ ਤੋਂ ਖਫ਼ਾ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ 28 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਸਾਂਝੇ ਤੌਰ ਦੱਸਿਆ ਕਿ ਜਲੰਧਰ ਦੀ ਜ਼ਿਮਨੀ ਚੋਣ ਮੌਕੇ 7 ਜੁਲਾਈ ਨੂੰ ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਨਾਲ ਖੁਦ ਵਾਅਦਾ ਕੀਤਾ ਸੀ ਕਿ 15 ਜੁਲਾਈ ਉਪਰੰਤ ਪੈਨਲ ਮੀਟਿੰਗ ਕਰਕੇ ਬੇਰੁਜ਼ਗਾਰਾਂ ਦੇ ਮਸਲੇ ਹੱਲ ਕੀਤੇ ਜਾਣਗੇ ਪ੍ਰੰਤੂ ਚੋਣ ਖਤਮ ਹੋਣ ਉਪਰੰਤ ਪਿਛਲੇ ਵਾਅਦਿਆਂ ਵਾਂਗ ਹੀ ਪੈਨਲ ਮੀਟਿੰਗ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ। ਇਸ ਲਈ ਅੱਕੇ ਬੇਰੁਜ਼ਗਾਰ 28 ਜੁਲਾਈ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨਗੇ।
ਘਿਰਾਓ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮੂਹ ਬੇਰੁਜ਼ਗਾਰ ਸਵੇਰੇ 11 ਵਜੇ ਵੇਰਕਾ ਮਿਲਕ ਪਲਾਂਟ ਸੰਗਰੂਰ ਅੱਗੇ ਇਕੱਠੇ ਹੋਣ ਮਗਰੋਂ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਨਗੇ।