ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਜੁਲਾਈ
ਵਿਧਾਨ ਸਭਾ ਹਲਕਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਆਪਣੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਪੀ.ਪੀ.ਸੀ.ਬੀ., ਡਰੇਨੇਜ਼ ਵਿਭਾਗ ਤੇ ਮਾਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਅਧੀਨ ਪੈਂਦੇ ਬੁੱਢੇ ਦਰਿਆ ਨਾਲ ਸਬੰਧਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਵਿਧਾਇਕ ਬੱਗਾ ਨੇ ਸੰਭਾਵੀ ਪੀਣ ਲਈ ਨਹਿਰੀ ਪਾਣੀ ਦੇ ਪ੍ਰੋਜੈਕਟ ’ਤੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਉਤਰੀ ਭਾਰਤ ਦਾ ਉਦਯੋਗਿਕ ਕੇਂਦਰ ਹੈ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਦਰ ਨਾਲ ਡਿੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਜਲ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਸਤਹੀ ਪਾਣੀ ਦੇ ਆਧਾਰ ’ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਧਾਇਕ ਮਦਨ ਲਾਲ ਬੱਗਾ ਨੂੰ ਭਰੋਸਾ ਦਿਵਾਇਆ ਗਿਆ ਕਿ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਹਲਕਾ ਲੁਧਿਆਣਾ ਉਤਰੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਸਨੀਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਰਾਹੀਂ ਲਗਾਤਾਰ ਸੁਵਿਧਾ ਕੈਂਪ ਲਾਏ ਜਾ ਰਹੇ ਹਨ।