ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 22 ਜੁਲਾਈ
ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਰੋੜ ਵਿੱਚ ਰਾਤ ਦੇ ਹਨ੍ਹੇਰੇ ਵਿੱਚ ਚਿੱਟੇ ਰੇਤੇ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ। ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਾਬਕਾ ਸਮਿਤੀ ਮੈਂਬਰ ਤਾਜਪਰਮਿੰਦਰ ਸਿੰਘ ਸੋਨੂੰ ਨੇ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਤੇ ਪੁਲੀਸ ਰੇਤ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਤਾਜਪਰਮਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਬਾਰਿਸ਼ਾਂ ਦਾ ਸਮਾਂ ਚੱਲ ਰਿਹਾ ਹੈ ਜਿਸ ਕਾਰਨ ਸਰਕਾਰ ਵੱਲੋਂ ਦਰਿਆਵਾਂ ਤੇ ਆਸ-ਪਾਸ ਇਲਾਕਿਆਂ ਵਿੱਚ ਰੇਤ ਮਾਈਨਿੰਗ ’ਤੇ ਬਿਲਕੁਲ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ ਲੱਗਦੀ ਜ਼ਮੀਨ ’ਚੋਂ ਰਾਤ ਦੇ ਹਨ੍ਹੇਰੇ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਬਿਲਕੁਲ ਨੇੜ੍ਹੇ ਨਾਜਾਇਜ਼ ਮਾਈਨਿੰਗ ਹੋਣ ਕਾਰਨ ਸਤਲੁਜ ਬੰਨ੍ਹ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਰਿਸ਼ਾਂ ਕਾਰਨ ਸਤਲੁਜ ਦਰਿਆ ਵਿਚ ਅਕਸਰ ਹੜ੍ਹ ਵਰਗੇ ਹਾਲਾਤ ਪੈਦਾ ਹੋ ਜਾਂਦੇ ਹਨ ਅਤੇ ਧੁੱਸੀ ਬੰਨ੍ਹ ਪਹਿਲਾਂ ਹੀ ਕਮਜ਼ੋਰ ਹੈ ਅਤੇ ਨਾਜਾਇਜ਼ ਮਾਈਨਿੰਗ ਕਾਰਨ ਇਹ ਕਦੇ ਵੀ ਟੁੱਟ ਸਕਦਾ ਹੈ।
ਕਾਂਗਰਸ ਆਗੂ ਤਾਜਪਰਮਿੰਦਰ ਸੋਨੂੰ ਨੇ ਕਿਹਾ ਕਿ ਦਰਿਆ ਕਿਨਾਰੇ ਜ਼ਮੀਨ ’ਚੋਂ 8 ਤੋਂ 10 ਫੁੱਟ ਡੂੰਘੀ ਨਾਜਾਇਜ਼ ਮਾਈਨਿੰਗ ਕੀਤੀ ਜਾ ਚੁੱਕੀ ਹੈ ਅਤੇ ਹੇਠੋਂ ਪਾਣੀ ਵੀ ਨਿਕਲ ਆਇਆ ਹੈ। ਇਸ ਨਾਜਾਇਜ਼ ਮਾਈਨਿੰਗ ਤੇ ਧੁੱਸੀ ਬੰਨ੍ਹ ਨੂੰ ਲਗਾਈ ਜਾ ਰਹੀ ਢਾਹ ਸਬੰਧੀ ਉਨ੍ਹਾਂ ਮਾਈਨਿੰਗ ਵਿਭਾਗ ਤੇ ਪੁਲੀਸ ਨੂੰ ਵੀ ਕਈ ਵਾਰ ਸੂਚਿਤ ਕੀਤਾ ਜਾ ਚੁੱਕਾ ਹੈ ਪਰ ਇਸ ਰੇਤ ਮਾਫ਼ੀਏ ਖਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਈ।
ਖਹਿਰਾ ਨੇ ਮੁੱਖ ਮੰਤਰੀ ਨੂੰ ਸਖ਼ਤ ਐਕਸ਼ਨ ਲੈਣ ਲਈ ਕਿਹਾ
ਹਲਕਾ ਸਾਹਨੇਵਾਲ ਵਿਚ ਸਤਲੁਜ ਦਰਿਆ ਕਿਨਾਰੇ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਇਸ ਰੇਤ ਮਾਫ਼ੀਆ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਵਾਤਾਵਰਨ ਨੂੰ ਤਬਾਹ ਕਰ ਰਹੀ ਹੈ ਅਤੇ ਬਾਰਿਸ਼ਾਂ ਕਾਰਨ ਹੜ੍ਹ ਆਉਣ ਦੀ ਸਥਿਤੀ ਵਿੱਚ ਇਲਾਕੇ ਵਿਚ ਲੋਕਾਂ ਦੀ ਫਸਲ ਤੇ ਹੋਰ ਜਾਨ ਮਾਲ ਦੀ ਤਬਾਹੀ ਵੀ ਹੋ ਸਕਦੀ ਹੈ। ਇਸ ਲਈ ਮੁੱਖ ਮੰਤਰੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਐਕਸ਼ਨ ਲੈਣ।
ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ: ਥਾਣਾ ਮੁਖੀ
ਥਾਣਾ ਮੇਹਰਬਾਨ ਮੁਖੀ ਹਰਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਰੋੜ ਵਿੱਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਜਿਸ ਸਬੰਧੀ ਮਾਈਨਿੰਗ ਵਿਭਾਗ ਜਾਂਚ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਜੋ ਵੀ ਇਸ ਸਬੰਧੀ ਪੁਲੀਸ ਨੂੰ ਰਿਪੋਰਟ ਦੇਣਗੇ, ਉਸ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ।