ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਨੂੰ ਸਫਲ ਕਰਨ ਲਈ ਸੰਤ-ਮਹਾਪੁਰਸ਼ਾਂ, ਪੰਥਕ ਸ਼ਖ਼ਸੀਅਤਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਦੇ ਸਹਿਯੋਗ ਨਾਲ ਲੜੀਵਾਰ ਸੈਮੀਨਾਰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਹ ਸੈਮੀਨਾਰ ਪੰਥਕ ਸ਼ਖ਼ਸੀਅਤਾਂ, ਸਿੱਖ ਇਤਿਹਾਸ ਤੇ ਅਕਾਲੀ ਯੋਧਿਆਂ ਦੀਆਂ ਜੀਵਨੀਆਂ ਅਤੇ ਯਾਦਾਂ ਦੇ ਮੂਲ ਨੂੰ ਦਰਸਾਉਣਗੇ। ਅਕਾਲੀ ਆਗੂ ਨੇ ਦੱਸਿਆ ਕਿ ਪਹਿਲਾ ਸੈਮੀਨਾਰ ਮੱਖਣ ਸ਼ਾਹ ਲੁਬਾਣਾ ਭਵਨ, ਸੈਕਟਰ-20, ਚੰਡੀਗੜ੍ਹ ਵਿੱਚ ਪੰਜ ਅਗਸਤ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਸਿੱਖ ਰਾਜਨੀਤੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ’ ਵਿਸ਼ੇ ’ਤੇ ਕਰਵਾਏ ਜਾਣ ਵਾਲੇ ਇਸ ਸੈਮੀਨਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਅਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਨਗੇ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸੈਮੀਨਾਰਾਂ ਦੀ ਇਸ ਲੜੀ ਨੂੰ ਅੱਗੇ ਤੋਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਤੋਂ ਲੈ ਕੇ ਅਗਵਾਈ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਸੈਮੀਨਾਰ ਦਾ ਹਿੱਸਾ ਹੋਣਗੇ।