ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਪੱਛਮੀ ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ ਇਤਿਹਾਸ ਦੀ ਜਾਣਕਾਰੀ ਵੀ ਦਿੱਤੀ ਗਈ। ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਗੁਰਦੁਆਰਾ ਦੇ ਕਮੇਟੀ ਦੀ ਕੋਸ਼ਿਸ਼ ਰਹਿੰਦੀ ਹੈ ਕਿ ਵੱਧ ਤੋਂ ਵੱਧ ਧਰਮ ਪ੍ਰਚਾਰ ਲਈ ਸਮਾਗਮ ਕਰਵਾਏ ਜਾਣ। ਸਿੱਖ ਯੂਥ ਫਾਊਂਡੇਸ਼ਨ ਦੇ ਨਾਲ ਮਿਲ ਕੇ ਵਿਸ਼ੇਸ਼ ਪ੍ਰੋਗਰਾਮ ਵੀ ਬੱਚਿਆਂ ਲਈ ਕਰਵਾਏ ਜਾਂਦੇ ਹਨ, ਜਿਸ ਵਿੱਚ ਬੱਚਿਆਂ ਨੂੰ ਗੁਰਬਾਣੀ, ਗੁਰੂ ਇਤਿਹਾਸ, ਕੀਰਤਨ, ਗਤਕਾ ਆਦਿ ਦੀ ਸਿੱਖਿਆਈ ਦਿੱਤੀ ਜਾਂਦੀ ਹੈ।