ਪੱਤਰ ਪ੍ਰੇਰਕ
ਪਟਿਆਲਾ, 23 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀਨ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਗੈਸਟ ਪ੍ਰੋਫੈਸਰਾਂ ਦੀ ਹਮਾਇਤ ਕਰ ਦਿੱਤੀ। ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰਦਾਸ ਸਿੰਘ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਰਸ਼ਪਿੰਦਰ ਜਿੰਮੀ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਹੁਸ਼ਿਆਰ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਹਰਪ੍ਰੀਤ ਸਿੰਘ, ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨਿਰਭੈ ਸਿੰਘ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਵੀ ਇਸ ਧਰਨੇ ਦੀ ਹਮਾਇਤ ਕੀਤੀ ਗਈ। ਇਸ ਧਰਨੇ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਕੈਂਪਸ ਦੀ ਗੈਸਟ ਫੈਕਲਟੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਲਵਾਈ ਗਈ ਅਤੇ ਧਰਨੇ ਦੀ ਹਮਾਇਤ ਕੀਤੀ ਗਈ। ਜ਼ਿਕਰਯੋਗ ਹੈ ਕਿ ਇਹ ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਲੰਮੇ ਸਮੇਂ ਤੋਂ ਆਪਣੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਵਿੱਚ ਰੋਸ ਮੁਜ਼ਾਹਰੇ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਸੰਗਰੂਰ ਵਾਲੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ ਜਿੱਥੇ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਪਰ ਯੂਨੀਵਰਸਿਟੀ ਅਥਾਰਿਟੀ ਵੱਲੋਂ ਫਿਰ ਵੀ ਹਰ ਰੋਜ਼ ਨਵੀਂ ਭਰਤੀ ਸਬੰਧੀ ਲੈਟਰ ਜਾਰੀ ਕਰ ਰਹੀ ਹੈ। ਜੋ ਕਿ ਆਪਣੇ ਆਪ ਦੇ ਵਿੱਚ ਇੱਕ ਵੱਡੀ ਧਾਂਦਲੀ ਦਾ ਸਬੂਤ ਹੈ ਕਿਉਂਕਿ ਯੂਨੀਵਰਸਿਟੀ ਅਥਾਰਿਟੀ ਵੱਲੋਂ ਉਹ ਸਾਰੀਆਂ ਕਮੇਟੀਆਂ ਜਨਤਕ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੁਆਰਾ ਨਵੀਂ ਭਰਤੀ ਕੀਤੀ ਜਾਣੀ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿੰਨਾ ਲੋਕਾਂ ਵੱਲੋਂ ਭਰਤੀ ਕੀਤੀ ਜਾਣੀ ਹੈ ਅਤੇ ਉਹ ਕਿੰਨਾ ਲੋਕਾਂ ਨੂੰ ਭਰਤੀ ਕੀਤਾ ਜਾ ਸਕਦਾ ਹੈ ਅਤੇ ਕਿਵੇਂ ਭਰਤੀ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਮੇਲ ਸਿੰਘ, ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਹਾਜ਼ਰ ਸਨ।
ਗੈਸਟ ਫੈਕਲਟੀ ਅਧਿਆਪਕਾਂ ਆਸਰੇ ਚੱਲ ਰਹੀ ਹੈ ’ਵਰਸਿਟੀ: ਪੁਗਟਾ
ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੁਗਟਾ (ਪੰਜਾਬੀ ਯੂਨੀਵਰਸਿਟੀ ਗੈਸਟ ਟੀਚਰਜ਼ ਐਸੋਸੀਏਸ਼ਨ) ਦੀ ਮੀਟਿੰਗ ਹੋਈ, ਜਿਸ ਵਿੱਚ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਵੱਲੋਂ ਗੈਸਟ ਫੈਕਲਟੀ ਅਧਿਆਪਕਾਂ ’ਤੇ ਕੀਤੇ ਜਾ ਰਹੇ ਸ਼ੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ ਗਿਆ। ਪੁਗਟਾ ਕਾਰਜਕਾਰਨੀ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ‘ਯੂਨੀਵਰਸਿਟੀ ਵਿੱਚ ਪੱਕੇ ਅਧਿਆਪਕਾਂ ਦੀ ਘਾਟ ਨੂੰ ਗੈਸਟ ਫੈਕਲਟੀ ਅਧਿਆਪਕ ਹੀ ਪੂਰਾ ਕਰ ਰਹੇ ਹਨ। ਜੇ ਇਹ ਕਹੀਏ ਕਿ ਗੈਸਟ ਫੈਕਲਟੀ ਅਧਿਆਪਕ ਹੀ ਯੂਨੀਵਰਸਿਟੀ ਦੇ ਅਕਾਦਮਿਕ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹ ਰਹੇ ਹਨ ਤਾਂ ਕੋਈ ਗਲਤ ਨਹੀਂ ਹੈ।