ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਬਜਟ ’ਚ ਨੌਜਵਾਨਾਂ ਲਈ ਰੁਜ਼ਗਾਰ ਸਿਰਜਣ ਅਤੇ ਟੈਕਸਾਂ ’ਚ ਛੋਟਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ, ਵਿਹਾਰਕਤਾ ਅਤੇ ਸੂਝ-ਬੂਝ ਲਈ ਸ਼ਲਾਘਾ ਕੀਤੀ ਜੋ ਕਿ ਅੱਜ ਲੋਕ ਸਭਾ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਰਿਕਾਰਡ 7ਵੇਂ ਕੇਂਦਰੀ ਬਜਟ ਦੀ ਵਿਸ਼ੇਸ਼ਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਰੁਜ਼ਗਾਰ ਅਤੇ ਬੁਨਿਆਦੀ ਢਾਂਚਾ ਸਿਰਜਣਾ ਮੁੱਖ ਖੇਤਰਾਂ ’ਚੋਂ ਇੱਕ ਹੈ। ਬਜਟ ਵਿੱਚ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਕੀਤੀਆਂ ਜਾਣ ਵਾਲੀਆਂ ਖ਼ਾਸ ਕਾਰਵਾਈਆਂ ਦਾ ਵੇਰਵਾ ਦਿੱਤਾ ਗਿਆ ਹੈ।