ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 24 ਜੁਲਾਈ
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਪੇਚਸ਼ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਗਿਆ ਹੈ। ਬੁੱਧਵਾਰ ਨੂੰ 26 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਪੀੜਤਾਂ ਦੀ ਗਿਣਤੀ 46 ਹੋ ਗਈ ਹੈ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਸ ਸਮੇਂ 12 ਪੀੜਤ ਮਰੀਜ਼ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ ਜਦੋਂਕਿ ਬਾਕੀਆਂ ਨੂੰ ਜਾਂਚ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਐੱਸਐੱਮਓ ਡਾ. ਐੱਚਐੱਸ ਚੀਮਾ ਨੇ ਦੱਸਿਆ ਕਿ ਪੀੜਤ ਮਰੀਜ਼ਾਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਵਿੱਚ ਪੇਚਸ਼ ਦਾ ਫੈਲਾਅ ਰੋਕਣ ਲਈ ਹਦਾਇਤਾਂ ਦਿੱਤੀਆਂ। ਡੀਸੀ ਨੇ ਸਿਹਤ ਵਿਭਾਗ ਨੂੰ 15 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਇੰਜ ਹੀ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਅਤੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੀ ਪੇਚਸ਼ ਅਤੇ ਡੇਂਗੂ ਆਦਿ ਤੋਂ ਬਚਾਅ ਅਤੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀ ਜੂਹ ਵਿੱਚ ਬਲੌਂਗੀ, ਆਜ਼ਾਦ ਨਗਰ, ਆਦਰਸ਼ ਨਗਰ, ਬੜਮਾਜਰਾ, ਜੁਝਾਰ ਨਗਰ, ਜਗਤਪੁਰਾ, ਮਦਨਪੁਰਾ, ਮੌਲੀ ਬੈਦਵਾਨ, ਸੰਤੇ ਮਾਜਰਾ, ਰਾਮਬਾਗ ਖਰੜ, ਸ਼ਿਵਜੋਤ ਐਨਕਲੇਵ ਖਰੜ, ਵਾਰਡ ਨੰਬਰ-18 ਰੌਣੀ ਮੁਹੱਲਾ, ਡੇਰਾਬੱਸੀ, ਸੈਣੀ ਨਗਰ ਡੇਰਾਬੱਸੀ, ਪਿੰਡ ਧੀਰੇਮਾਜਾਰਾ ਨੂੰ ਹੌਟ ਸਪੌਟ ਐਲਾਨਿਆ ਗਿਆ ਹੈ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇੱਕ ਕਾਲ ਸੈਂਟਰ ਬਣਾਇਆ ਜਾ ਰਿਹਾ ਹੈ, ਜਿੱਥੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੌਟ ਸਪੌਟ ਸਣੇ ਹੋਰ ਵੱਖ-ਵੱਖ ਥਾਵਾਂ ’ਤੇ ਮੈਡੀਕਲ ਕੈਂਪ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਪੇਚਸ਼ ਦੀ ਸਥਿਤੀ ਕਾਬੂ ਹੇਠ ਹੈ।