ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਨ ਲਈ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਕੌਮਾਂਤਰੀ ਪੱਧਰ ’ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਰਵੱਈਏ ਲਈ ਸੂਬੇ ਦੇ ਲੋਕ ਭਾਜਪਾ ਆਗੂਆਂ ਨੂੰ ਮੁਆਫ ਨਹੀਂ ਕਰਨਗੇ।