ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ 24 ਜੁਲਾਈ
ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਜੋੜਨ ਦਾ ਇਤਿਹਾਸਕ ਫ਼ੈਸਲਾ ਕੇਂਦਰ ਸਰਕਾਰ ਨੇ ਲਿਆ ਹੈ। ਉਨਾਂ ਕਿਹਾ ਕਿ ਹਾਲ ਹੀ ਵਿਚ ਗੁਜਰਾਤ ਦੇ ਰਾਜਪਾਲ ਅਚਾਰੀਆ ਡੀ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮਿਲ ਕੇ ਕੁਦਰਤੀ ਖੇਤੀ ਨੂੰ ਹੁਲਾਰਾ ਦੇਣ ਦੀ ਗੱਲ ਕੀਤੀ ਸੀ ਅਤੇ ਉਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਬੀਤੇ ਦਿਨ ਪੇਸ਼ ਕੀਤੇ ਗਏ ਬਜਟ ਵਿਚ ਇਕ ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਜੋੜਨ ਦਾ ਖਾਕਾ ਸਰਕਾਰ ਨੇ ਤੈਅ ਕੀਤਾ ਹੈ। ਨਵੀਨ ਜਿੰਦਲ ਨੇ ਕਿਹਾ ਕਿ ਧਰਤੀ ਨੂੰ ਬਚਾਉਣ ਦਾ ਇੱਕੋ-ਇਕ ਜ਼ਰੀਆ ਕੁਦਰਤੀ ਖੇਤੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵਧੇਰੇ ਸਹੂਲਤਾਂ ਦੇ ਨਾਲ ਪ੍ਰੋਡਕਟ ਮਾਰਕੀਟਿੰਗ ਵਿੱਚ ਵੀ ਸਹਿਯੋਗ ਦਿੱਤਾ ਜਾਵੇ।