ਪੱਤਰ ਪ੍ਰੇਰਕ
ਪਟਿਆਲਾ, 25 ਜੁਲਾਈ
ਪੰਜਾਬ ਤੇ ਹਰਿਆਣਾ ਦੀ ਹੱਦ ਸ਼ੰਭੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜ਼ਿਲ੍ਹਾ ਪਟਿਆਲਾ ਕਮੇਟੀ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 150 ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸੂਬਾ ਜਨਰਲ ਸੈਕਟਰੀ ਸੁਖਵਿੰਦਰ ਕੌਰ ਜਲਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ’ਤੇ ਬਿਜਲੀ ਪ੍ਰਬੰਧਾਂ ਵੱਲ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿੰਨੀ ਵਾਰ ਮੋਰਚੇ ਦੇ ਆਗੂ ਪ੍ਰਸ਼ਾਸਨ ਨੂੰ ਲੋੜੀਂਦੇ ਪ੍ਰਬੰਧਾਂ ਦੀ ਅਪੀਲ ਕਰ ਚੁੱਕੇ ਹਨ, ਪਰ ਕੋਈ ਸੁਣਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਕੋਈ ਸੁਣਵਾਈ ਨਾ ਹੋਣ ’ਤੇ ਮੋਰਚੇ ਦੇ ਆਗੂਆਂ ਵੱਲੋਂ ਕੀਤੇ ਫ਼ੈਸਲੇ ਅਨੁਸਾਰ 26 ਜੁਲਾਈ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਗਗਨ ਚੌਕ ਰਾਜਪੁਰਾ ਵਿੱਚ ਆਵਾਜਾਈ ਠੱਪ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਹਿਲੀ ਅਗਸਤ ਨੂੰ ਮੰਗਾਂ ਦੇ ਸਬੰਧ ਵਿੱਚ ਤਹਿਸੀਲਾਂ ਤੇ ਜ਼ਿਲ੍ਹਾ ਪੱਧਰ ’ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਸ ਤੋਂ ਬਾਅਦ 15 ਅਗਸਤ ਨੂੰ ਟਰੈਕਟਰ ਮਾਰਚ ਕੀਤੇ ਜਾਣਗੇ। ਜ਼ਿਲ੍ਹਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਪਟਿਆਲਾ ਵੱਲੋਂ ਸੈਂਕੜੇ ਕਿਸਾਨ ਸ਼ਮੂਲੀਅਤ ਕਰਨਗੇ, ਜਿਸ ਲਈ ਬਲਾਕ ਪੱਧਰ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਹਰ ਰੋਜ਼ ਮੋਰਚੇ ’ਤੇ ਇਕੱਠ ਕੀਤਾ ਜਾਵੇਗਾ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਸਤਵੰਤ ਸਿੰਘ ਵਜੀਦਪੁਰ , ਸੂਬਾ ਪ੍ਰੈੱਸ ਸਕੱਤਰ ਡਾਕਟਰ ਜਰਨੈਲ ਸਿੰਘ ਕਾਲੇਕੇ, ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ, ਬਲਾਕ ਪ੍ਰਧਾਨ ਵਿਕਰਮਜੀਤ ਸਿੰਘ ਅਰਨੋ ਨੇ ਸੰਬੋਧਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਜਗਤਾਰ ਸਿੰਘ ਬਰਸਟ, ਅਜੈਬ ਸਿੰਘ ਨੱਥੂਮਾਜਰਾ, ਜਗਜੀਤ ਸਿੰਘ,ਸੁਰਿੰਦਰ ਸਿੰਘ ਕਕਰਾਲਾ,ਕਾਕਾ ਸਿੰਘ , ਜਰਨੈਲ ਸਿੰਘ, ਇੰਦਰਮੋਹਨ ਸਿੰਘ, ਬਲਜਿੰਦਰ ਸਿੰਘ ਢੀਂਡਸਾ, ਮਨਜੀਤ ਕੌਲੀ, ਯਾਦਵਿੰਦਰ ਸਿੰਘ ਕੂਕਾ, ਪਲਜੀਤ ਸਿੰਘ ਭਾਦਸੋਂ, ਇੰਦਰਜੀਤ ਦਿਓਗੜ੍ਹ ਅਵਤਾਰ ਸਿੰਘ ਤੇ ਪ੍ਰਗਟ ਸਿੰਘ ਆਦਿ ਸ਼ਾਮਲ ਸਨ।