ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ
ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਦੀ ਲਗਾਤਾਰ ਨਿਕਾਸੀ ਲਈ ਛੱਪੜਾਂ ’ਤੇ ਲੱਗੀਆਂ ਮੋਟਰਾਂ ਚਾਲੂ ਹਾਲਤ ’ਚ ਰੱਖੀਆਂ ਜਾਣ ਅਤੇ ਜੇ ਕਿਸੇ ਮੋਟਰ ਦਾ ਕੁਨੈਕਸ਼ਨ ਕੱਟਿਆ ਹੈ ਉਹ ਚਾਲੂ ਕੀਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਥੇ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਬਲਾਕ ਵਿਕਾਸ ਅਧਿਕਾਰੀਆਂ ਅਤੇ ਬਿਜਲੀ ਅਧਿਕਾਰੀਆਂ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿੱਚ ਆਇਆ ਹੈ ਕਿ ਛੱਪੜਾ ਦਾ ਪਾਣੀ ਖੜ੍ਹਾ ਰਹਿਣ ਕਰਕੇ ਮੁਸ਼ਕ ਜਾਂਦਾ ਹੈ ਅਤੇ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਲਈ ਛੱਪੜਾਂ ਦੀ ਸਫਾਈ ਬਹੁਤੀ ਜ਼ਰੂਰੀ ਹੈ। ਇਸ ਸਬੰਧੀ ਜ਼ਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਨ੍ਹਾਂ ਸ਼ਹਿਰੀ ਅਤੇ ਪੇਂਡੂ ਵਾਟਰ ਸਪਲਾਈ ਅਤੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਣ ਲਈ ਹੈਵੀ ਮੈਟਲ ਟੈਸਟਿੰਗ ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਤੋਂ ਸਮੇਂ-ਸਮੇਂ ਤੇ ਜਰੂਰ ਚੈਕ ਕਰਵਾਉਂਦੇ ਰਹਿਣ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲ ਸਕੇ।