ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਪੱਛਮੀ ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਆਰਬੀਐੱਲ ਬੈਂਕ ਦੇ ਸਹਿਯੋਗ ਨਾਲ ਹਫ਼ਤੇ ਵਿੱਚ ਤਿੰਨ ਦਿਨ ਆਧਾਰ ਕਾਰਡ ਬਣਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਰਾਹੀਂ ਆਧਾਰ ਕਾਰਡਾਂ ਵਿਚਲੀਆਂ ਤਰੁੱਟੀਆਂ ਨੂੰ ਠੀਕ ਕੀਤਾ ਜਾ ਰਿਹਾ ਹੈ। ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਰਾਜੌਰੀ ਗਾਰਡਨ ਦੀ ਸੰਗਤ ਨੂੰ ਆਧਾਰ ਕਾਰਡ ਵਿਚਲੀਆਂ ਤਰੁੱਟੀਆਂ ਨੂੰ ਦਰੁੱਸਤ ਕਰਵਾਉਣ ਲਈ ਇਧਰ-ਉਧਰ ਭੱਜਣਾ ਪੈਂਦਾ ਸੀ, ਜਿਸ ਕਾਰਨ ਗੁਰਦੁਆਰੇ ਦੀ ਕਮੇਟੀ ਨੇ ਇਹ ਫ਼ੈਸਲਾ ਲਿਆ ਸੀ| ਬੈਂਕ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਨੂੰ ਮੰਨਦਿਆਂ ਕੈਂਪ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਜੋ ਵੀ ਸੰਗਤ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਆਧਾਰ ਕਾਰਡ ਵਿਚਲੀਆਂ ਤਰੁੱਟੀਆਂ ਨੂੰ ਠੀਕ ਕਰਵਾਉਣਾ ਚਾਹੁੰਦੀ ਹੈ, ਉਹ ਆ ਕੇ ਕੈਂਪ ਦਾ ਲਾਭ ਉਠਾਉਣ|