ਨਵੀਂ ਦਿੱਲੀ, 26 ਜੁਲਾਈ
ਸੁਪਰੀਮ ਕੋਰਟ ਨੇ ਭਾਜਪਾ ਸ਼ਾਸਤ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵੱਲੋਂ ਕਾਂਵੜ ਯਾਤਰਾ ਦੇ ਰੂਟਾਂ ਦੇ ਨਾਲ-ਨਾਲ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ, ਸਟਾਫ਼ ਅਤੇ ਹੋਰ ਲੋਕਾਂ ਦੇ ਨਾਮ ਪ੍ਰਦਰਸ਼ਿਤ ਕਰਨ ਲਈ ਜਾਰੀ ਕੀਤੇ ਗਏ ਨਿਰਦੇਸ਼ਾਂ ’ਤੇ ਰੋਕ ਲਗਾਉਣ ਦੇ ਆਪਣੇ 22 ਜੁਲਾਈ ਦੇ ਅੰਤਰਿਮ ਹੁਕਮਾਂ ਨੂੰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਕਿਹਾ ਕਿ ਉਹ 22 ਜੁਲਾਈ ਦੇ ਹੁਕਮਾਂ ’ਤੇ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕਰਨਗੇ। ਅਦਾਲਤ ਨੇ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਨੂੰ ਆਪਣੇ-ਆਪਣੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਦਾਖਲ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 5 ਅਗਸਤ ’ਤੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫ਼ਨਾਮਾ ਦਾਇਰ ਕਰਦਿਆਂ ਸਰਕਾਰ ਵੱਲੋਂ ਕਾਂਵੜ ਯਾਤਰਾ ਦੌਰਾਨ ਦੁਕਾਨਾਂ ’ਤੇ ਨੇਮ ਪਲੇਟ ਲਗਾਉਣ ਦੇ ਆਪਣੇ ਹੁਕਮਾਂ ਨੂੰ ਜਾਇਜ਼ ਠਹਿਰਾਇਆ ਸੀ। ਸਰਕਾਰ ਨੇ ਕਿਹਾ ਸੀ ਕਿ ਕਾਂਵੜ ਯਾਤਰਾ ਸ਼ਾਂਤੀਪੂਰਨ ਕਰਨ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਨਿਰਦੇਸ਼ ਜਾਰੀ ਕੀਤੇ ਗਏ ਸਨ।