ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਜੁਲਾਈ
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਲੋਕ ਸਭਾ ਮੈਂਬਰ ਨੇ ਆਪਣੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਭਖ਼ਦੇ ਮਸਲੇ ਕੇਂਦਰੀ ਮੰਤਰੀ ਕੋਲ ਉਠਾਏ। ਕੇਂਦਰੀ ਮੰਤਰੀ ਨੇ ਇਸ ਮੰਗ ’ਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ ਹੈ।
ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ’ਤੇ ਚੀਮਾ-ਜੋਧਪੁਰ ’ਚ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਸੜਕ ਪਾਰ ਕਰਨ ਮੌਕੇ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ’ਤੇ ਬਡਬਰ ਪਿੰਡ ਵਿੱਚ ਫਲਾਈਓਵਰ ਦੀ ਬਹੁਤ ਲੋੜ ਹੈ। ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ, ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਲੋੜ ਹੈ।
ਇਸ ਤੋਂ ਇਲਾਵਾ ਉਨ੍ਹਾਂ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ’ਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਵੀ ਕੀਤੀ।
ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ, ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈਟੀਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈਟੀਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਦਸ ਕਿਲੋਮੀਟਰ ਲੰਬੀ ਇਸ ਸੜਕ ਨੂੰ ਚੌੜਾ ਕਰਨ ਦੀ ਵੀ ਮੰਗ ਕੀਤੀ ਗਈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਤਿੰਨੋਂ ਮਾਮਲਿਆਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ ਹੈ।