ਪੱਤਰ ਪ੍ਰੇਰਕ
ਪਾਇਲ, 27 ਜੁਲਾਈ
ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਸ਼ਹਾਦਤ ਨੂੰ ਸਮਰਪਿਤ 15 ਅਗਸਤ ਨੂੰ ਈਸੜੂ ’ਚ ਹੋਣ ਵਾਲੇ ਸੂਬਾ ਪੱਧਰੀ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਵਿਧਾਇਕ ਸੌਂਦ ਨੇ ਕਿਹਾ ਕਿ ‘ਆਪ’ ਦੇਸ਼ ਦੇ ਸ਼ਹੀਦਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਦੇਸ਼ ਲਈ ਆਪਾ ਵਾਰਨ ਵਾਲੇ ਸੂਰਬੀਰਾਂ ਦੀ ਆਨ, ਬਾਨ ਤੇ ਸ਼ਾਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਮਾਗਮ ਪੰਜਾਬ ਦੇ ਖਜ਼ਾਨੇ ’ਤੇ ਬੋਝ ਪਾਏ ਬਿਨਾਂ ਸਾਦੇ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੀ ਤਿਆਰੀ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਅੰਤਿਮ ਰੂਪ ਰੇਖਾ ਤਿਆਰ ਕੀਤੀ ਜਾਵੇਗੀ।