ਨਵੀਂ ਦਿੱਲੀ, 28 ਜੁਲਾਈ
ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜ਼ਮਾਨਤ ਪਟੀਸ਼ਨ ’ਤੇ 29 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ ਪਿਛਲੇ 16 ਮਹੀਨਿਆਂ ਤੋਂ ਹਿਰਾਸਤ ਵਿਚ ਹਨ ਅਤੇ ਪਿਛਲੇ ਸਾਲ ਅਕਤੂਬਰ ਤੋਂ ਉਸ ਵਿਰੁੱਧ ਕੇਸ ਵਿਚ ਕੋਈ ਪ੍ਰਗਤੀ ਨਹੀਂ ਹੋਈ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਜਸਟਿਸ ਬੀ ਆਰ ਗਵੱਈ ਅਤੇ ਕੇਵੀ ਵਿਸ਼ਵਨਾਥਨ ਦਾ ਬੈਂਚ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ 16 ਜੁਲਾਈ ਨੂੰ ਪਟੀਸ਼ਨਾਂ ’ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਸੀ। ਸਿਸੋਦੀਆ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਆਪਣੀ ਜ਼ਮਾਨਤ ਪਟੀਸ਼ਨਾਂ ਨੂੰ ਮੁੜ ਸੁਰਜੀਤ ਕਰਨ ਲਈ ਅਰਜ਼ੀ ਵੀ ਦਾਇਰ ਕੀਤੀ ਹੈ। ਸੀਬੀਆਈ ਨੇ ‘ਆਪ’ ਆਗੂ ਨੂੰ 26 ਫਰਵਰੀ 2023 ਨੂੰ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨੇਮੀਆਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੀਟੀਆਈ