ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਜੁਲਾਈ
ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਅਧਿਆਪਕ ਧਰਮਵੀਰ ਸੈਣੀ ਦੇ ਖੁਦਕੁਸ਼ੀ ਕੇਸ ਵਿਚ ਨਾਮਜ਼ਦ ਸਕੂਲ ਦੇ ਚਾਰ ਅਧਿਆਪਕਾਂ ਦੇ ਹੱਕ ਵਿਚ ਸਕੂਲੀ ਵਿਦਿਆਰਥੀਆਂ ਦੇ ਮਾਪੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਡੀਈਓ (ਸੈਕੰਡਰੀ ਸਿੱਖਿਆ) ਪ੍ਰੀਤਇੰਦਰ ਘਈ ਨੂੰ ਮਿਲੇ। ਵਫ਼ਦ ’ਚ ਸ਼ਾਮਲ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਲਿਖਤੀ ਦਰਖਾਸਤ ਅਤੇ ਗੱਲਬਾਤ ਰਾਹੀਂ ਐੱਸਐੱਸਪੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਕੂਲ ਵਿੱਚ ਬਖੋਰਾ ਕਲਾਂ, ਬਖੋਰਾ ਖੁਰਦ, ਗੁਰਨੇ ਕਲਾਂ, ਗੁਰਨੇ ਖੁਰਦ ਸਮੇਤ ਇਲਾਕੇ ਦੇ ਹੋਰ ਵੀ ਕਈ ਪਿੰਡਾਂ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਇਲਾਕੇ ਵਿੱਚ ਇਸ ਸਕੂਲ ਦਾ ਚੰਗਾ ਨਾਮ ਹੈ।
ਉਨ੍ਹਾਂ ਕਿਹਾ ਕਿ ਕੇਸ ਵਿੱਚ ਨਾਮਜ਼ਦ ਸਕੂਲ ਦੇ ਚਾਰ ਅਧਿਆਪਕ ਹਰਭਗਵਾਨ ਸਿੰਘ, ਮੇਘ ਰਾਜ, ਸਤਵੰਤ ਸਿੰਘ ਅਤੇ ਵਿਨੋਦ ਕੁਮਾਰ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਹਨ। ਵਫ਼ਦ ਨੇ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇ ਅਤੇ ਪੜਤਾਲ ਦੇ ਸਮੇਂ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਸਕੂਲ ਨਾ ਆਉਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਐੱਸਐੱਸਪੀ ਸੰਗਰੂਰ ਵਲੋਂ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਯਕੀਨੀ ਬਣਾਈ ਜਾਵੇਗੀ ਅਤੇ ਪੁਲੀਸ ਵਲੋਂ ਕਿਸੇ ਨਾਲ ਵੀ ਵਧੀਕੀ ਨਹੀਂ ਕੀਤੀ ਜਾਵੇਗੀ ਅਤੇ ਪੂਰੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ।
ਇਸ ਦੌਰਾਨ ਸਤਨਾਮ ਸਿੰਘ ਨੇ ਦੱਸਿਆ ਕਿ ਡਿਪਟੀ ਡੀਈਓ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਵੀ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਉਕਤ ਤੱਥਾਂ ਦਾ ਜ਼ਿਕਰ ਕੀਤਾ ਗਿਆ ਹੈ। ਡਿਪਟੀ ਡੀਈਓ ਵਲੋਂ ਮੰਗ ਪੱਤਰ ਮੁੱਖ ਮੰਤਰੀ ਤੱਕ ਪਹੁੰਚਾਉਣ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਿਆਲ ਰੱਖਣ ਦਾ ਭਰੋਸਾ ਦਿਵਾਇਆ ਗਿਆ ਹੈ।
ਅਧਿਆਪਕ ਜਥੇਬੰਦੀਆਂ ਦਾ ਵਫ਼ਦ ਡੀਆਈਜੀ ਨੂੰ ਮਿਲਿਆ
ਪਟਿਆਲਾ (ਪੱਤਰ ਪ੍ਰੇਰਕ): ਅਧਿਆਪਕ ਜਥੇਬੰਦੀਆਂ ਦੇ ਵਫ਼ਦ ਵੱਲੋਂ ਡੀਆਈਜੀ ਪੁਲੀਸ ਰੇਂਜ ਪਟਿਆਲਾ ਹਰਚਰਨ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ ਅਤੇ ਸੰਗਰੂਰ ਜ਼ਿਲ੍ਹੇ ਦੇ ਸਕੂਲ ਬਖੌਰਾ ਕਲਾਂ ਦੇ ਅਧਿਆਪਕ ਧਰਮਵੀਰ ਸੈਣੀ ਦੀ ਖ਼ੁਦਕੁਸ਼ੀ ਮਾਮਲੇ ਦੀ ਤਫ਼ਤੀਸ਼ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੂੰ ਆਪਰੇਟਿਵ ਕਰਨ ਅਤੇ ਪੰਜ ਅਧਿਆਪਕਾਂ ਦੇ ਘਰਾਂ ’ਤੇ ਕੀਤੀ ਜਾ ਰਹੀ ਛਾਪੇਮਾਰੀ, ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਗ੍ਰਿਫ਼ਤਾਰੀਆਂ ’ਤੇ ਮੁਕੰਮਲ ਰੋਕ ਲਗਾਉਣ ਦੀ ਮੰਗ ਕੀਤੀ। ਮੁਲਾਕਾਤ ਉਪਰੰਤ ਵਫ਼ਦ ਵਿੱਚ ਸ਼ਾਮਲ ਸੂਬਾਈ ਅਧਿਆਪਕ ਆਗੂਆਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ ਅਤੇ ਦਲਜੀਤ ਸਿੰਘ ਸਮਰਾਲਾ ਨੇ ਦੱਸਿਆ ਕਿ ਜਿੱਥੇ ਅਧਿਆਪਕ ਧਰਮਵੀਰ ਸੈਣੀ ਦਾ ਬੇਵਕਤੀ ਸਦੀਵੀ ਵਿਛੋੜਾ ਸਭਨਾਂ ਲਈ ਦੁਖਦਾਇਕ ਹੈ, ਉੱਥੇ ਇਸ ਮਾਮਲੇ ਵਿੱਚ ਪੰਜ ਅਧਿਆਪਕਾਂ ’ਤੇ ਉਨ੍ਹਾਂ ਦਾ ਪੱਖ ਜਾਣੇ ਬਿਨਾਂ ਪੁਲੀਸ ਵੱਲੋਂ ਦਰਜ ਕੀਤਾ ਮੁਕੱਦਮਾ ਸਹੀ ਨਹੀਂ ਹੈ।