ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 29 ਜੁਲਾਈ
ਦਿੱਲੀ ਦੇ ਆਈਏਐਸ ਕੋਚਿੰਗ ਸੈਂਟਰ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਨਗਰ ਨਿਗਮ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਰੋਲ ਬਾਗ ਵਿੱਚ ਅੱਜ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਦਿੱਲੀ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ’ਤੇ ਬੁਲਡੋਜ਼ਰ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿੱਚ ਡਰੇਨਾਂ ਉੱਤੇ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਲਈ ਬੁਲਡੋਜ਼ਰ ਚਲਾਇਆਹ ਗਿਆ। ਇਸ ਦੌਰਾਨ ਲੋਕ ਸਭਾ ਮੈਂਬਰਾਂ ਨੇ ਪਾਰਟੀਬਾਜ਼ੀ ਨੂੰ ਛੱਡ ਕੇ ਤਿੰਨ ਵਿਦਿਆਰਥੀਆਂ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ। ਭਾਜਪਾ ਨੇ ਇਸ ਦੁਖਦਾਈ ਘਟਨਾ ਲਈ ਸ਼ਹਿਰ ਦੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸਪਾ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ ਅਤੇ ਇਸ ਗੱਲ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਹੋਣੀ ਚਾਹੀਦੀ ਹੈ ਕਿ ਵਿਦਿਆਰਥੀਆਂ ਨਾਲ ਜੋ ਵਾਪਰਿਆ ਹੈ, ਉਸ ਲਈ ਕੌਣ ਜ਼ਿੰਮੇਵਾਰ ਹੈ। ਦੂਜੇ ਪਾਸੇ ਨਗਰ ਨਿਗਮ ਦੀ ਮੇਅਰ ਨੇ ਇਸ ਮਾਮਲੇ ਸਬੰਧੀ ਹੰਗਾਮੀ ਮੀਟਿੰਗ ਅੱਜ ਦੁਪਹਿਰ ਤੋਂ ਬਾਅਦ ਸੱਦ ਲਈ ਹੈ।