ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਜੁਲਾਈ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ਵਿੱਚ ਕਿਸਾਨਾਂ ਨੂੰ ਦੇਣ ਲਈ ਕੁਝ ਨਹੀਂ ਰੱਖਿਆ। ਕਿਸਾਨੀ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਅਤੇ ਕਾਰਪੋਰੇਟਾਂ ਨੂੰ ਮੁਨਾਫ਼ਾ ਦੇਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਜਿਸ ਤਹਿਤ ਅਗਸਤ ਵਿਚ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ।