ਹਰਜੀਤ ਸਿੰਘ ਪਰਮਾਰ
ਬਟਾਲਾ, 29 ਜੁਲਾਈ
ਸੀਨੀਅਰ ਭਾਜਪਾ ਆਗੂ ਸ਼ਵੇਤ ਮਲਿਕ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਦੀ ਜੰਗ ਦੌਰਾਨ ਰੂਸ ਵਿੱਚ ਫਸੇ ਹਰ ਭਾਰਤੀ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵਚਨਬੱਧ ਹੈ। ਉਨ੍ਹਾਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਜ ਬਟਾਲਾ ਵਿੱਚ ਸਥਾਨਕ ਭਾਜਪਾ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਲਿਕ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਜਟ ਬਾਰੇ ਕਿਹਾ ਕਿ ਇਸ ਵਿੱਚ ਹਰ ਵਰਗ ਦੇ ਲੋਕਾਂ ਦਾ ਖ਼ਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਦੀ ਸਨਅਤ ਨੂੰ ਫ਼ਾਇਦਾ ਦੇਣ ਲਈ ਅੰਮ੍ਰਿਤਸਰ ਤੋਂ ਕੋਲਕਾਤਾ ਤੱਕ ਸਨਅਤੀ ਕੌਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਨਾਲ ਬਟਾਲਾ ਅਤੇ ਪੰਜਾਬ ਭਰ ਦੀ ਸਨਅਤ ਨੂੰ ਵੱਡਾ ਫ਼ਾਇਦਾ ਹੋਵੇਗਾ।