ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਜੁਲਾਈ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਓਲਡ ਰਾਜਿੰਦਰ ਨਗਰ ਦੇ ਕੋਚਿੰਗ ਹੱਬ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਸੰਸਥਾਨ ਦੇ ਬੇਸਮੈਂਟ ਵਿੱਚ ਮੀਂਹ ਦੇ ਪਾਣੀ ਨਾਲ ਭਰ ਜਾਣ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਉਪ ਰਾਜਪਾਲ ਵੀਕੇ ਸਕਸੈਨਾ ਨੇ ਮ੍ਰਿਤਕ ਵਿਦਿਆਰਥੀਆਂ ਦੇ ਵਾਰਸਾਂ ਨੂੰ ਦਸ-ਦਸ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਕਸੈਨਾ ਨੂੰ ਆਪਣੀਆਂ ਸ਼ਿਕਾਇਤਾਂ ਦੱਸੀਆਂ, ਜਿਸ ’ਤੇ ਉਨ੍ਹਾਂ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ। ਰੋਹ ਵਿੱਚ ਆਏ ਵਿਦਿਆਰਥੀਆਂ ਨੇ ‘ਸਾਨੂੰ ਨਿਆਂ ਚਾਹੀਦਾ ਹੈ’ ਦੇ ਨਾਅਰੇ ਲਗਾਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਪ ਰਾਜਪਾਲ ਨੂੰ ਪੁਲੀਸ ਨਾਲ ਬੈਰੀਕੇਡਾਂ ਦੇ ਪਿੱਛੇ ਖੜ੍ਹ ਕੇ ਗੱਲਬਾਤ ਕਰਨ ਦੀ ਥਾਂ ਵਿਦਿਆਰਥੀਆਂ ਨਾਲ ਧਰਨੇ ’ਤੇ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਅਤੇ ਉਪ ਰਾਜਪਾਲ ਦੇ ਸੁਰੱਖਿਆ ਕਰਮੀਆਂ ਵਿਚਾਲੇ ਟਕਰਾਅ ਹੋ ਗਿਆ। ਜਿਉਂ ਹੀ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਸ਼ੁਰੂ ਕੀਤੀ ਵੀਕੇ ਸਕਸੈਨਾ ਪ੍ਰਦਰਸ਼ਨਕਾਰੀਆਂ ਨਾਲ ਸਹੀ ਢੰਗ ਨਾਲ ਗੱਲਬਾਤ ਕਰਨ ਦੀ ਥਾਂ ਉੱਥੋਂ ਚਲੇ ਗਏ। ਹਾਲਾਂਕਿ ਸਕਸੈਨਾ ਨੇ ਕਿਹਾ, ‘‘ਮੈਂ ਤੁਹਾਡੇ ਨਾਲ ਹਾਂ।’’ ਉਨ੍ਹਾਂ ਆਪਣਾ ਵਾਅਦਾ ਦੁਹਰਾਇਆ ਕਿ ਵਿਦਿਆਰਥੀਆਂ ਦੀ ਮੌਤ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਕਸੈਨਾ ਨੇ ਐਤਵਾਰ ਨੂੰ ਡਿਵੀਜ਼ਨਲ ਕਮਿਸ਼ਨਰ ਨੂੰ ਓਲਡ ਰਾਜਿੰਦਰ ਨਗਰ ਵਿੱਚ ਰਾਉ ਦੇ ਆਈਏਐੱਸ ਸਟੱਡੀ ਸਰਕਲ ਦੇ ਬੇਸਮੈਂਟ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਵਿਦਿਆਰਥੀਆਂ ਦੀ ਮੌਤ ਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਬੀਤੇ ਦਿਨ ਸਵਾਤੀ ਮਾਲੀਵਾਲ ਨੂੰ ਵੀ ਨੌਜਵਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ।