ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 31 ਜੁਲਾਈ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਸੇਲੀਕੀਆਣਾ, ਹੈਦਰ ਨਗਰ ਆਦਿ ਪਿੰਡਾਂ ਦੇ ਕਿਰਤੀਆਂ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦਾ 84ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਸਿਕੰਦਰ ਬਖ਼ਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਹਰਜਿੰਦਰ ਸਿੰਘ ਜਿੰਦੀ ਨੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਜੀਵਨੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸਾਮਰਾਜ ਦਾ ਖਾਤਮਾ ਕਰ ਕੇ ਸਮਾਜਵਾਦੀ ਸਿਸਟਮ ਕਾਇਮ ਕਰਨਾ ਚਾਹੁੰਦੇ ਸਨ ਪ੍ਰੰਤੂ ਸਾਡੇ ਦੇਸ਼ ਦੀ ਸਰਕਾਰ ਲਗਾਤਾਰ ਸਾਮਰਾਜੀ, ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਭਾਈਚਾਰਕ ਸਾਂਝ, ਤੋੜਨ ਲਈ ਘੱਟ ਗਿਣਤੀਆਂ ’ਤੇ ਹਮਲੇ ਕਰਕੇ, ਲੋਕਤੰਤਰ ਦੀ ਆਵਾਜ਼ ਨੂੰ ਕੁਚਲਣ ਲਈ ਤਿੰਨ ਫੌਜਦਾਰੀ ਕਾਨੂੰਨ ਬਣਾ ਦਿੱਤੇ ਗਏ, ਦੇਸ਼ ਦੇ ਸੰਵਿਧਾਨ ਨੂੰ ਤੋੜਕੇ ਮਨੂ ਸਿਮਰਤੀ ਲਾਗੂ ਕਰਕੇ ਮਿਹਨਤਕਸ਼ ਭਾਈਚਾਰੇ ਨੂੰ ਮਿਲੇ ਆਧਿਕਾਰ ਖ਼ਤਮ ਕਰ ਦਿੱਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੀ ਆਜ਼ਾਦੀ, ਏਕਤਾ ਅਖੰਡਤਾ ਅਤੇ ਧਰਮ-ਨਿਰਪੱਖਤਾ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਆਪਣੇ ਹੱਕਾਂ ਤੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ।
ਪਾਇਲ (ਦੇਵਿੰਦਰ ਜੱਗੀ): ਦੇਸ਼ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲੱਖੀ ਮੋਟਰਜ਼ ਈਸੜੂ ਵਿੱਚ ਇਲਾਕੇ ਦੇ ਪਤਵੰਤਿਆਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੰਡੇ ਗਏ ਅਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੀਆਂ ਸੰਗਤਾਂ ਲਈ ਲੰਗਰ ਲਗਾਇਆ ਗਿਆ।
ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਮੋਦੀ ਹਕੂਮਤ: ਮਜ਼ਦੂਰ ਆਗੂ
ਰਾਏਕੋਟ (ਸੰਤੋਖ ਗਿੱਲ): ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਸੁਨਾਮ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਦਰਜਨਾਂ ਪਿੰਡਾਂ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਨੇੜਲੇ ਪਿੰਡ ਬੁਰਜ ਹਕੀਮਾਂ, ਰਾਏਕੋਟ, ਰਾਜੋਆਣਾ ਖ਼ੁਰਦ, ਪੱਖੋਵਾਲ, ਕਲਸੀਆਂ, ਚੱਕ ਭਾਈ ਕਾ ਅਤੇ ਦੱਧਾਹੂਰ ਸਮੇਤ ਦਰਜਨ ਦੇ ਕਰੀਬ ਪਿੰਡਾਂ ਵਿੱਚ ਸ਼ਹੀਦੀ ਦਿਵਸ ਮੌਕੇ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ, ਪੰਜਾਬ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਮਜ਼ਦੂਰ ਆਗੂ ਰਾਜਜਸਵੰਤ ਸਿੰਘ ਤਲਵੰਡੀ, ਪ੍ਰਿਤਪਾਲ ਸਿੰਘ ਬਿੱਟਾ, ਕਰਮ ਚੰਦ ਬੁਰਜ ਹਕੀਮਾਂ, ਰੁਲਦਾ ਸਿੰਘ ਗੋਬਿੰਦਗੜ੍ਹ ਅਤੇ ਗੁਰਦੀਪ ਸਿੰਘ ਬੁਰਜ ਹਕੀਮਾਂ ਨੇ ਸੰਬੋਧਨ ਕੀਤਾ। ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡ ਕੇ ਲੋਕਾਂ ਦਾ ਧਿਆਨ ਅਸਲ ਸਮੱਸਿਆਵਾਂ ਤੋ ਲਾਂਭੇ ਕਰ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਇਸੇ ਤਰ੍ਹਾਂ ਐੱਸਸੀ, ਬੀਸੀ ਭਲਾਈ ਮੰਚ ਵੱਲੋਂ ਸ਼ਹੀਦ ਊਧਮ ਸਿੰਘ ਦਾ 85ਵਾਂ ਸ਼ਹੀਦੀ ਦਿਹਾੜਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਮਾਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ 251 ਵਿਦਿਆਰਥੀਆਂ ਨੂੰ ਕਿਤਾਬਚੇ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਸ਼ਹੀਦ ਊਧਮ ਸਿੰਘ ਦੇ ਸੰਘਰਸ਼ਮਈ ਜੀਵਨ ਬਾਰੇ ਚਾਨਣਾ ਪਾਇਆ। ਮੰਚ ਦੇ ਪ੍ਰਧਾਨ ਜਤਿੰਦਰ ਸਿੰਘ ਪਮਾਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਭ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।