ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਅਗਸਤ
ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਜਾਰੀ ਅੰਦੋਲਨ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਵੱਲੋਂ ਕੰਪਨੀ ਬਾਗ਼ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ ਕੀਤਾ ਗਿਆ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਅਜਿਹੇ ਪੁਲੀਸ ਅਫ਼ਸਰਾਂ ਨੂੰ ਰਾਸ਼ਟਰਪਤੀ ਬਹਾਦੁਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਕੇਂਦਰ ਸਰਕਾਰ ਕੋਲ ਸ਼ਿਫਾਰਸ਼ ਕੀਤੀ ਗਈ ਹੈ, ਜਿਨ੍ਹਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਸਬੰਧੀ ਧਰਨਾ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਤਸ਼ੱਦਦ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸਿਫਾਰਸ਼ ਰੱਦ ਕੀਤੀ ਜਾਵੇ।
ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ, ਸੁਖਜੀਤ ਸਿੰਘ ਹਰਦੋਝੰਡੇ ਅਤੇ ਪਲਵਿੰਦਰ ਮਾਹਲ ਨੇ ਕਿਹਾ ਕਿ ਅੰਦੋਲਨ ਦੇ ਦੇਸ਼ ਪੱਧਰੀ ਸੱਦੇ ਅਨੁਸਾਰ 15 ਅਗਸਤ ਨੂੰ ਕਿਸਾਨਾਂ-ਮਜ਼ਦੂਰਾਂ ਵੱਲੋਂ ਨਵੇਂ ਬਣੇ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ ਅਤੇ ਪੰਜਾਬ ਭਰ ਵਿੱਚ 80 ਤੋਂ ਵੱਧ ਥਾਵਾਂ ਤੇ ਟਰੈਕਟਰ ਮਾਰਚ ਕੀਤੇ ਜਾਣਗੇ।
ਜਲੰਧਰ (ਹਤਿੰਦਰ ਮਹਿਤਾ): ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਨਿਹੱਥੇ ਲੋਕਾਂ ’ਤੇ ਜ਼ੁਲਮ ਕਰਨ ਵਾਲੇ ਅਫ਼ਸਰਾਂ ਦੇ ਨਾਂ ਰਾਸ਼ਟਰਪਤੀ ਐਵਾਰਡ ਲਈ ਸਿਫਾਰਸ਼ ਕਰਨ ਦੇ ਰੋਸ ਵਜੋਂ ਪੁਤਲੇ ਫੂਕੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਕੇਯੂ ਸਿੱਧੂਪੁਰ ਕੁਲਵਿੰਦਰ ਸਿੰਘ ਮਸਿਆਣਾ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਪੰਜਾਬ ਤੋਂ ਹਰਸਲਿੰਦਰ ਸਿੰਘ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਸੂਬਾ ਆਗੂ ਸਲਵਿੰਦਰ ਸਿੰਘ ਜਿਆਣੀ ਨੇ ਸੰਬੋਧਨ ਕੀਤਾ।
ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੱਲੋਂ ਮਾਰਚ ਕਰ ਕੇ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਅਤੇ ਮੁਜ਼ਾਹਰਾ ਵੀ ਕੀਤਾ। ਇਸ ਮੌਕੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਾਸਾਣੀਆ, ਲਖਵਿੰਦਰ ਸਿੰਘ ਵਰਿਆਮ, ਸੁਖਦੇਵ ਸਿੰਘ ਭੋਜਰਾਜ, ਸਤਨਾਮ ਸਿੰਘ ਬਾਗੜੀਆਂ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਸੰਬੋਧਨ ਕੀਤਾ।